ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਕਾਂਗਰਸ ਦੇ ਸੀਨੀਅਰ ਆਗੂ ਜਸਬੀਰ ਸਿੰਘ ਡਿੰਪਾ ਨੇ ਦਿੱਤੀ ਹੈ।
ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਜਦੋਂ ਕਿ ਇਸ ਤੋਂ ਇਲਾਵਾ ਬਿਮਾਰਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਰਾਬ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰੇਗੀ ਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇਨਸਾਫ਼ ਦੇਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਮਾਮਲੇ ਉਤੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਨ੍ਹਾਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਡਿੰਪਾ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 50 ਤੋਂ ਵੱਧ ਛਾਪੇ ਮਾਰੇ ਗਏ ਹਨ ਅਤੇ ਹੁਣ ਤੱਕ 8 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਡਿੰਪਾ ਨੇ ਭਰੋਸਾ ਦਿੱਤਾ ਕਿ ਇਸ ਵਿਚ ਸ਼ਾਮਿਲ ਸਾਰੇ ਦੋਸ਼ੀ ਫੜੇ ਜਾਣਗੇ ਅਤੇ ਉਨ੍ਹਾਂ ਦੀਆਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਟੀਆ ਕੰਮ ਕਰਨ ਦੀ ਜ਼ੁਰਅਤ ਨਾ ਕਰੇ।
ਡਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸ਼ਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਐਸਐਸਪੀ ਅੰਮ੍ਰਿਤਸਰ ਧੁਰਵ ਦਾਹੀਆ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਜਾਂਚ ਕਰ ਰਹੀ ਹੈ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਸ਼ਾਮਿਲ ਸਾਰੇ ਦੋਸ਼ੀ ਕਾਬੂ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਤਰਨ ਤਾਰਨ, ਅੰਮ੍ਰਿਤਸਰ ਤੇ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 45 ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ 8 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ 5 ਟੀਮਾਂ ਵੱਲੋਂ 40 ਤੋਂ ਵੱਧ ਛਾਪੇ ਮਾਰੇ ਗਏ ਹਨ।