ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਆਰਡੀਨੈਂਸ ਦੇ ਵਿਰੋਧ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਧਰਨੇ ਦੇ ਰਹੀਆਂ ਹਨ। ਪੰਜਾਬ ਤੋਂ ਦਿੱਲੀ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁਹਾਲੀ ਫੇਸ 8 ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠ ਕੀਤਾ ਗਿਆ।
ਇਸ ਤੋਂ ਬਾਅਦ ਚੰਡੀਗੜ੍ਹ ਵੱਲ ਵਧ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਦੇਣ ਬਾਬਤ ਰਾਜ ਭਵਨ ਲਿਆਂਦਾ ਗਿਆ ਪਰ ਰਾਜ ਭਵਨ ਦੇ ਗੇਟ 'ਤੇ ਤਾਇਨਾਤ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਰਾਜਪਾਲ ਨਾਲ ਮੁਲਾਕਾਤ ਨਹੀਂ ਹੋਣ ਦਿੱਤੀ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਗੇਟ ਮੁਹਰੇ ਹੀ ਧਰਨਾ ਲਾ ਦਿੱਤਾ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਵੇਂ ਕਿਸਾਨਾਂ ਦੇ ਨਾਲ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਦੀ ਗੱਲ ਕਹਿ ਰਹੇ ਹਨ ਤੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਐਫਆਈਆਰ ਨਾ ਦਰਜ ਕਰਨ ਦੀ ਗੱਲ ਕਹਿ ਰਹੇ ਹਨ ਪਰ ਇਸ ਬਾਬਤ ਆਉਣ ਵਾਲਾ ਸਮਾਂ ਹੀ ਦੱਸੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ 'ਤੇ ਵਿਸ਼ਵਾਸ਼ ਨਹੀਂ ਹੈ ਕਿਉਂਕਿ ਸਿਆਸੀ ਲੋਕ ਕਿਸੇ ਵੇਲੇ ਵੀ ਗਿਰਗਿਟ ਵਾਂਗ ਰੰਗ ਬਦਲ ਜਾਂਦੇ ਹਨ। ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਕਿਸਾਨ ਆਗੂਆਂ ਨੂੰ ਸਾਰਾ ਕੁਝ ਪਤਾ ਕਿ ਕਿਹੜੀ ਸਿਆਸੀ ਪਾਰਟੀ ਉਨ੍ਹਾਂ ਦੇ ਹੱਕ ਵਿੱਚ ਹੈ ਤੇ ਕੌਣ ਨਹੀਂ।
ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਵਿਖੇ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੱਢਣ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਖ਼ੁਦ ਫ਼ੈਸਲਾ ਕਰਕੇ ਆਪਣਾ ਪ੍ਰੋਗਰਾਮ ਉਲੀਕਣਗੇ।