ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਹੋਇਆਂ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਅੱਜ ਭਾਵ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਰੋਲ ਰੋਕੋ ਅੰਦੋਲਨ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਤਹਿਤ ਹੀ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਪਿੰਡ ਵਿੱਚ ਅੰਮ੍ਰਿਤਸਰ ਦਿੱਲੀ ਰੇਲਵੇ ਟ੍ਰੈਕ 'ਤੇ ਕਿਸਾਨਾਂ ਦਾ ਕਾਲਾ ਕੱਪੜੇ ਪਾ ਕੇ ਪ੍ਰਦਰਸ਼ਨ ਜਾਰੀ ਹੈ। ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦਾ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਕਿਸਾਨਾਂ ਨੇ ਸਾਫ਼ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਧਰਨਿਆਂ ਦਾ ਸਿਆਸੀਕਰਣ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।
ਦੂਜੇ ਪਾਸੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਹਸਤਾਖ਼ਰ ਤੋਂ ਬਾਅਦ ਤਿੰਨੋ ਬਿੱਲ ਹੁਣ ਕਾਨੂੰਨ ਬਣ ਗਏ ਹਨ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।