ਚੰਡੀਗੜ੍ਹ:ਇਕ ਪਾਸੇ ਜਿਥੇ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਸ਼ਕਤੀ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿਚ ਮੌਜੂਦ ਕਾਂਗਰਸੀਆਂ ਨੂੰ ਨਵੀਂਆਂ ਇਨੋਵਾ (Innova) ਗੱਡੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਮੌਜੂਦ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਤਕਰੀਬਨ ਅੱਧਾ ਦਰਜਨ ਸੰਸਦ ਮੈਂਬਰ ਅਤੇ ਇੱਕ ਦਰਜਨ ਤੋਂ ਜ਼ਿਆਦਾ ਵਿਧਾਇਕਾਂ ਨੂੰ ਇਹ ਇਨੋਵਾ ਦਿੱਤੀਆ ਗਈਆ ਹਨ। ਹਾਲਾਂਕਿ ਇਹ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਦੀਆਂ ਪੁਰਾਣੀਆਂ ਗੱਡੀਆਂ ਦੀ ਮਾਈਲੇਜ ਪੂਰੀ ਹੋ ਚੁੱਕੀ ਸੀ।
ਬੀਜੇਪੀ ਲੀਡਰ ਰਾਜੇਸ਼ ਬਾਘਾ ਨੇ ਕਿਹਾ ਕਿ ਇਹ ਸਭ ਕੁਝ ਸਿਰਫ਼ ਆਪਣੀ ਸੱਤਾ ਬਚਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕਾਂਗਰਸ (Congress) ਦੀ ਲੜਾਈ ਜੱਗ ਜ਼ਾਹਿਰ ਹੋ ਚੁੱਕੀ ਹੈ ਇਕ ਪਾਸੇ ਨਵਜੋਤ ਸਿੰਘ ਸਿੱਧੂ ਧੜੇ ਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਅਤੇ ਇਸੇ ਕਰਕੇ ਆਪਣੇ ਨਾਲ ਵਿਧਾਇਕ ਅਤੇ ਮੰਤਰੀ, ਸੰਸਦ ਖੜ੍ਹੇ ਕਰਨ ਵਾਸਤੇ ਸੇਧਾਂ ਦੇ ਤੋਹਫੇ ਦਿੱਤੇ ਜਾ ਰਹੇ ਹਨ।
ਅਕਾਲੀ ਦਲ ਦੇ ਬੁਲਾਰੇ ਨਵਜੋਤ ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪਣੇ ਚਹੇਤਿਆਂ ਨੂੰ ਸਰਕਾਰੀ ਨੌਕਰੀਆਂ (Government Jobs) ਦੇ ਕੇ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਸੀ ਅਤੇ ਹੁਣ ਵੀ ਜੋ ਵਿਧਾਇਕ ਜਾਂ ਸੰਸਦ ਮੈਂਬਰ ਨਵਜੋਤ ਸਿੱਧੂ ਵੱਲ ਜਾ ਰਹੇ ਹਨ ਉਨ੍ਹਾਂ ਨੂੰ ਆਪਣੇ ਵੱਲ ਕਰਨ ਵਾਸਤੇ ਇਸ ਤਰੀਕੇ ਦੇ ਤੋਹਫੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਸੀ ਕਿ ਜਿਨ੍ਹਾਂ ਲੋਕਾਂ ਨੇ ਨੌਕਰੀਆਂ ਵਾਸਤੇ ਫਾਰਮ ਭਰੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਪਰ ਇਹ ਸਭ ਕੁਝ ਸਿਰਫ਼ ਆਪਣੀ ਸਿਆਸਤ ਚਮਕਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ।
ਕਾਂਗਰਸ ਲੀਡਰ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਗੱਡੀਆਂ ਪਹਿਲਾਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਅਤੇ ਹੁਣ ਵੀ ਦਿੱਤੀਆਂ ਗਈਆਂ ਹਨ।ਇਹ ਗੱਡੀਆਂ ਕੋਈ ਕਿਸੇ ਖ਼ਾਸ ਲੋਕਾਂ ਵਾਸਤੇ ਨਹੀਂ ਬਲਕਿ ਜਿਨ੍ਹਾਂ ਗੱਡੀਆਂ ਦੀ ਮਾਈਲੇਜ ਪੂਰੀ ਹੋ ਗਈ ਹੈ ਅਤੇ ਸਭ ਜਾਣਦੇ ਹਨ ਕਿ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਆਪਣੇ ਹਲਕੇ ਵਿੱਚ ਕਾਫ਼ੀ ਵਿਚਰਨਾ ਪੈਂਦਾ ਹੈ।ਜਿਸ ਕਰਕੇ ਬੜੀ ਲੋੜ ਹੈ ਕਿ ਉਨ੍ਹਾਂ ਨੂੰ ਸਾਫ ਸੁਥਰੀਆਂ ਗੱਡੀਆਂ ਹੀ ਦਿੱਤੀਆਂ ਜਾਣ ਜੋ ਰਸਤੇ ਵਿੱਚ ਖਰਾਬ ਨਾ ਹੋਣ।
ਮਿਲੇ ਵੇਰਵਿਆਂ ਅਨੁਸਾਰ ਪਤਾ ਚਲਦਾ ਹੈ ਕਿ ਇਹ ਨਵੀਆਂ ਗੱਡੀਆਂ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਰਵਨੀਤ ਬਿੱਟੂ, ਪਰਨੀਤ ਕੌਰ ,ਗੁਰਕੀਰਤ ਸਿੰਘ ਕੋਟਲੀ ਲਖਵੀਰ ਸਿੰਘ ਲੱਖਾ, ਗੁਰਪ੍ਰੀਤ ਸਿੰਘ, ਕਾਕਾ ਲੋਹਗੜ੍ਹ ਅਤੇ ਇਸ ਤਰ੍ਹਾਂ ਦੇ ਹੋਰ ਕਈ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਦਿੱਤੀਆਂ ਗਈਆਂ ਹਨ।ਜਿਸ ਵਾਸਤੇ ਤਕਰੀਬਨ ਚਾਰ ਕਰੋੜ ਤੋਂ ਵੱਧ ਰਾਸ਼ੀ ਖਰਚ ਕੀਤੀ ਗਈ ਹੈ।