ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ਼ ਨਸ਼ੇ ਨੂੰ ਲੈ ਕੇ ਦਰਜ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਜਿੱਥੇ ਵਿਰੋਧੀ ਪਾਰਟੀਆਂ ਦੇ ਵੱਲੋਂ ਅਕਾਲੀ ਦਲ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਉੱਥੇ ਹੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਪੰਜਾਬ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਾਂਗਰਸ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਇਸ ਗੱਲ ਦਾ ਪਹਿਲਾਂ ਹੀ ਪਤਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਵਿੱਚ ਪੰਜਾਬ ਵਿੱਚ ਤਿੰਨ ਡੀਜੀਪੀ ਬਦਲੇ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਡੀਜੀਪੀ ਬਦਲਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਮਜੀਠੀਆ ਅਤੇ ਬਾਦਲਾਂ ਨੂੰ ਅੰਦਰ ਕਰਨ ਦੇ ਲਈ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ’ਚ ਉਨ੍ਹਾਂ ’ਤੇ ਸੈਂਕੜੇ ਪਰਚੇ ਦਰਜ ਹੋਏ ਹਨ ਉਨ੍ਹਾਂ ਕਿਹਾ ਕਿ ਇਕੱਲੇ ਉਨ੍ਹਾਂ ’ਤੇ ਹੀ ਨਹੀਂ ਬਲਕਿ ਉਨ੍ਹਾਂ ਦੀ ਪਤਨੀ ਉੱਪਰ ਵੀ ਪਰਚੇ ਦਰਜ ਕੀਤੇ ਗਏ ਸਨ।
ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਬਦਲਾਖੋਰੀ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸਮੇਂ ਕਿਸੇ ਕਾਂਗਰਸੀ ਨੂੰ ਤੰਗ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਕੰਮ ਨਹੀਂ ਸਮਝਦੀ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸਭ ਦਾ ਸਾਂਝਾ ਹੁੰਦਾ ਹੈ ਤੇ ਸਰਕਾਰ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ।
ਦਰਜ ਹੋਏ ਪਰਚੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਲੜਾਈ ਲੜਨਗੇ। ਬਾਦਲ ਨੇ ਕਿਹਾ ਪਰਚੇ ਦਰਜ ਹੋਣਾ ਨਵੀਂ ਗੱਲ ਨਹੀਂ ਹੈ। ਇਸ ਕਾਰਵਾਈ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਨਿੰਦਿਆ ਵੀ ਕੀਤੀ ਗਈ ਹੈ। ਬਾਦਲ ਨੇ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਔਖਾ ਹੋਣ ਦੀ ਲੋੜ ਨਹੀਂ ਉਹ ਖੁਦ ਹੀ ਜਾਣ ਦੇ ਲਈ ਤਿਆਰ ਹਨ ਜਿੱਥੇ ਮਰਜੀ ਲੈ ਜਾਵੋ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ