ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਰਾਹਤ ਦਿੰਦਿਆਂ, ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਤਿੰਨ ਅਗਸਤ ਤਕ ਰੋਕ ਲਗਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਜਾਜ਼ਤ ਦਿੱਤੀ ਹੈ ਕਿ ਉਹ ਕਾਨੂੰਨ ਅਨੁਸਾਰ ਮੁਕੱਦਮਾ ਚਲਾ ਸਕਦੀ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਗ੍ਰਹਿ ਵਿਭਾਗ ਦੇ ਸਕੱਤਰ ਜੀ ਨਾਗੇਸ਼ਵਰ ਰਾਓ ਨੇ ਇੱਕ ਹਲਫ਼ਨਾਮਾ ਦਾਖ਼ਲ ਕਰ ਕੇ ਇਸ ਮਾਮਲੇ ਵਿੱਚ ਸਰਕਾਰ ਦਾ ਪੱਖ ਰੱਖਿਆ। ਗੌਰਤਲੱਬ ਗੱਲ ਇਹ ਹੈ ਕਿ ਹਾਈਕੋਰਟ ਨੇ ਪਹਿਲਾਂ ਬਹਿਬਲ ਕਲਾਂ ਗੋਲੀ ਕੇਸ ਮਾਮਲੇ ਵਿੱਚ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।
ਇਸ ਤੋਂ ਬਾਅਦ ਸੈਣੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਉਸ ਵਿਰੁੱਧ ਕੋਟਕਪੂਰਾ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਇਹ ਕੇਸ ਫਰੀਦਕੋਟ ਦੀ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਹੈ, ਇਸ ਕੇਸ ਵਿੱਚ ਸੈਣੀ ਖ਼ਿਲਾਫ਼ ਇੱਕ ਚਲਾਨ ਵੀ ਪੇਸ਼ ਕੀਤਾ ਗਿਆ ਹੈ।
ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਹੇਠਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸਨੂੰ ਹੇਠਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ ।
ਇਹ ਵੀ ਪੜ੍ਹੋ: ਕਿਸਾਨਾਂ ਵਾਂਗ ਮੋਤੀ ਮਹਿਲ ਦੇ ਬਾਹਰ ਲਾਂਵਾਂਗੇ ਧਰਨਾ: ਪਨਬੱਸ ਕੰਟਰੈਕਟ ਯੂਨੀਅਨ