ਚੰਡੀਗੜ੍ਹ: ਸਿਹਤ ਵਿਭਾਗ ਵੱਲੋਂ ਫਰੰਟਲਾਈਨ ਵਰਕਰਾਂ ਨੂੰ ਕੋਰੋਨਾ ਦਾ ਟੀਕਾ ਪਹਿਲ ਦੇ ਆਧਾਰ 'ਤੇ ਲਗਾਉਣ ਦੀ ਹਦਾਇਤ ਦਿੱਤੀ ਗਈ ਸੀ। ਪੰਜਾਬ 'ਚ ਪਿਛਲੇ ਲੰਬੇ ਸਮੇਂ ਤੋਂ ਮਲਟੀਪਰਪਜ਼ ਹੈਲਥ ਵਰਕਰਾਂ ਤੇ ਫਰੰਟਲਾਈਨ ਵਰਕਰਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹੈ। ਵਰਕਰਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਤੇ ਤਨਖਾਹਾਂ 'ਚ ਵਾਧੇ ਦੀ ਮੰਗ ਕੀਤੀ ਗਈ ਹੈ।
ਚੰਡੀਗੜ੍ਹ ਸੈਕਟਰ 34 'ਚ ਸਥਿਤ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਫਰੰਟਲਾਈਨ ਵਰਕਰਾਂ ਨੇ ਲੜੀਵਾਰ ਭੁੱਖ ਹੜਤਾਲ ਤੇ ਪੱਕਾ ਮੋਰਚਾ ਲਾਇਆ ਹੈ। ਹੈਲਥ ਵਰਕਰਾਂ ਵੱਲੋਂ ਕੋਰੋਨਾ ਦੇ ਟੀਕੇ ਦਾ ਬਾਈਕਾਟ ਕੀਤਾ ਹੈ। ਵਰਕਰਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਉਹ ਕੋੋਰੋਨਾ ਦਾ ਟੀਕਾ ਨਹੀਂ ਲਗਵਾਉਣਗੇ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਿਹਤ ਮੁਲਾਜ਼ਮ ਮੰਚ ਦੇ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਫਰੰਟਲਾਈਨ ਵਰਕਰਾਂ ਨੇ ਟੀਕਾ ਲਗਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕਿਉਂਕਿ ਹੁੱਣ ਤਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੇ ਉੱਪਰ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ 'ਚ ਕੰਮ ਕਰਨ ਵਾਲੇ ਵਰਕਰਾਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਇਸ ਮਾਮਲੇ 'ਤੇ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਕਈ ਵਾਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮਿਲ ਚੁੱਕੇ ਹਨ। ਹਰ ਵਾਰ ਉਨ੍ਹਾਂ ਦੀਆਂ ਮੰਗਾਂ ਮੰਨ ਲੈਣ ਦਾ ਭਰੋਸਾ ਦੇ ਕੇ ਪੰਜਾਬ ਸਰਕਾਰ ਉਨ੍ਹਾਂ ਨਾਲ ਧੋਖਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਰਕਰਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਣਗੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਤੇ ਬੈਠੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਹਰ ਰੋਜ਼ ਵੱਖ ਵੱਖ ਜ਼ਿਲ੍ਹੇ ਦੇ ਮੁਲਾਜ਼ਮ ਭੁੱਖ ਹੜਤਾਲ ਤੇ ਬੈਠਣਗੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਭੁੱਖ ਹੜਤਾਲ ਜਾਰੀ ਰੱਖਣਗੇ ਇਸ ਤੋਂ ਇਲਾਵਾ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਆਸ਼ਾ ਵਰਕਰਾਂ ਵਲੋਂ ਵੀ ਟੀਕਾਕਰਨ ਦਾ ਬਾਈਕਾਟ ਕਰਨ ਦਾ ਸਮਰਥਨ ਮਿਲਿਆ ਹੈ।