ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਤਹਿਤ ਫੈਸਲੇ ਨੂੰ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸੂਬੇ ਦੇ ਲੋਕਾਂ ਲਈ ਲਾਭਕਾਰੀ ਕਰਾਰ ਦਿੱਤਾ ਹੈ।
ਇਸ ਸਬੰਧੀ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ 20 ਕੈਟਲ ਪਾਊਂਡਜ਼ ਸਥਾਪਿਤ ਕੀਤੇ ਗਏ ਹਨ, ਜਿਨਾਂ ਵਿੱਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨ੍ਹਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ 6 ਕੈਟਲ ਸ਼ੈੱਡ ਉਸਾਰੇ ਜਾਣੇ ਸਨ। ਇਨ੍ਹਾਂ ਦੀ ਗਿਣਤੀ 132 (22 ਜ਼ਿਲ੍ਹੇ ਵਿੱਚ) ਹੋਣੀ ਸੀ ਪਰ ਅਜੇ ਤੱਕ 20 ਜ਼ਿਲਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ।
ਉਨ੍ਹਾਂ ਕਿਹਾ ਕਿ ਪੀਪੀਪੀ ਢੰਗ ਨਾਲ ਚਲਾਏ ਜਾਣ ਨਾਲ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ। ਸ਼ਰਮਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਊ ਸੇਵਾ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪਹਿਲਾਂ ਨਾਲੋਂ ਸੂਬੇ ਵਿੱਚ ਗਊਆਂ ਦੀ ਸਾਂਭ ਸੰਭਾਲ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ।