ਚੰਡੀਗੜ੍ਹ: ਭਾਰਤ ਸਰਕਾਰ (Government of India) ਨੇ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਦੱਸਿਆ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ। ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਂਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ।
ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।