ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਵੱਲੋਂ ਅੱਜ ਬਠਿੰਡਾ ਵਿਖੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਯੂਰੀਆ ਖਾਦ ਲੈਣ ਲਈ ਖੱਜਲ-ਖੁਆਰ ਹੋ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਇਕੱਤਰ ਕਿਸਾਨਾਂ ਨੇ ਦੱਸਿਆ ਕਿ ਉਹ ਲਗਭਗ ਚਾਰ ਦਿਨਾਂ ਤੋਂ ਰੋਜ਼ਾਨਾ ਖਾਦ ਲੈਣ ਲਈ ਖੱਜਲ-ਖੁਆਰ ਹੋ ਰਹੇ ਹਨ, ਪਰੰਤੂ ਪ੍ਰਬੰਧਾਂ ਦੀ ਘਾਟ ਕਾਰਨ ਖਾਦ ਪ੍ਰਾਪਤੀ ਤੋਂ ਵਾਂਝੇ ਹਨ।
ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਸੰਧਵਾਂ ਅਤੇ ਮੀਤ ਪ੍ਰਧਾਨ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਰੇਲ ਪਟੜੀਆਂ ਖ਼ਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਯੂਰੀਆ ਦੀ ਸਪਲਾਈ ਰੋਕਣ ਕਾਰਨ ਕਿਸਾਨਾਂ ਦੀ ਟੇਕ ਪੰਜਾਬ ਵਿਚਾਲੇ ਬਠਿੰਡਾ ਅਤੇ ਨੰਗਲ ਦੇ ਖਾਦ ਯੂਨਿਟਾਂ 'ਤੇ ਰਹਿ ਗਈ ਹੈ ਜਿਸ ਕਾਰਨ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਭੁੱਖਣ-ਭਾਣੇ ਇਨ੍ਹਾਂ ਯੂਨਿਟਾਂ ਅੱਗੇ ਖਾਕ ਛਾਨਣ ਲਈ ਮਜ਼ਬੂਰ ਹੋ ਰਹੇ ਹਨ, ਪਰੰਤੂ ਪੰਜਾਬ ਦਾ ਕੈਪਟਨ ਇਹ ਸਭ ਕੁੱਝ ਤੋਂ ਬੇ-ਖ਼ਬਰ ਆਪਣੇ ਮਹਿਲਾਂ 'ਚ ਐਸ਼ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਮਿਲਣ ਉਪਰੰਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੀ ਬਠਿੰਡਾ ਇਕਾਈ ਦੇ ਪ੍ਰਮੁੱਖ ਨਾਲ ਮਿਲ ਕੇ ਕਿਸਾਨਾਂ ਨੂੰ ਬਗੈਰ ਖੱਜਲ-ਖੁਆਰੀ ਦੇ ਖਾਦ ਮੁਹੱਈਆ ਕਰਵਾਉਣ ਲਈ ਕਦਮ ਚੁੱਕਣ ਲਈ ਕਿਹਾ।
ਕੁਲਤਾਰ ਸਿੰਘ ਸੰਧਵਾਂ, ਜਸਵੰਤ ਸਿੰਘ ਗੱਜਣਮਾਜਰਾ ਅਤੇ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿਚਾਲੇ ਖਾਦ ਯੂਨਿਟਾਂ ਦੀ ਖਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਤੱਕ ਪੁੱਜਦੀ ਕਰਨ ਲਈ ਲੋੜੀਂਦੇ ਕਾਰਜ ਤੁਰੰਤ ਸ਼ੁਰੂ ਕਰੇ।