ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ 'ਤੇ ਕਿਸਾਨਾਂ ਦੇ ਮਸਲੇ ਹੱਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਹੀ ਡੰਗ ਟਪਾ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਫ਼ੈਸਲੇ ਵੀ ਅਜੇ ਤੱਕ ਲਾਗੂ ਨਹੀਂ ਹੋਏ, ਜਦੋਂ ਕਿ ਸਰਕਾਰ ਦੇ ਗਿਣਵੇਂ ਦਿਨ ਬਾਕੀ ਰਹਿ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦਾ ਲੋਕ ਕਚਹਿਰੀ ਵਿੱਚ ਜਵਾਬ ਦੇਣਾ ਪਵੇਗਾ ਅਤੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਵਾਅਦਾ ਖ਼ਿਲਾਫ਼ੀ ਦੀ ਸਜ਼ਾ ਜ਼ਰੂਰ ਦੇਣਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ 2017 ਵਿੱਚ ਹੋਈਆਂ ਚੋਣਾਂ ਵੇਲੇ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਕੇਵਲ ਵਾਅਦਾ ਹੀ ਨਹੀਂ ਕੀਤਾ, ਸਗੋਂ ਚੋਣ ਮਨੋਰਥ ਪੱਤਰ ਵਿੱਚ ਲਿਖ ਕੇ ਦਿੱਤਾ ਸੀ ਅਤੇ ਕਿਸਾਨਾਂ ਕੋਲੋਂ ਕਰਜ਼ ਮੁਆਫ਼ੀ ਦੇ ਫਾਰਮ ਵੀ ਭਰਵਾਏ ਗਏ ਸਨ। ਇਸ ਤੋਂ ਇਲਾਵਾ ਕਰਜ਼ੇ ਦੇ ਭਾਰ ਕਾਰਨ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਸਮੇਤ ਖੇਤੀ ਖੇਤਰ ਵਿੱਚ ਹੋਰ ਸਹੂਲਤਾਂ ਦੇਣ ਦੇ ਵੀ ਵਾਅਦੇ ਕੀਤੇ ਸਨ। ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬੀਤ ਜਾਣ 'ਤੇ ਵੀ ਨਾ ਤਾਂ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਅਤੇ ਨਾ ਹੀ ਖ਼ੁਦਕੁਸ਼ੀਆਂ ਤੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਹੈ। ਹੋਰ ਤਾਂ ਹੋਰ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਕੇਸ ਵੀ ਵਿਚਾਰ ਅਧੀਨ ਪਏ ਹਨ।
ਇਹ ਵੀ ਪੜ੍ਹੋ : ਅਗਲੇ ਬੁੱਧਵਾਰ ਮੁੜ ਹੋਵੇਗੀ ਉਗਰਾਹਾਂ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਹ 'ਤੇ ਚੱਲ ਰਹੇ ਹਨ ਅਤੇ ਕਿਸਾਨੀ ਮਾਮਲਿਆਂ ਬਾਰੇ ਮੀਟਿੰਗਾਂ ਕਰਕੇ ਡੰਗ ਟਪਾ ਰਹੇ ਹਨ। ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨਾਂ ਨਾਲ ਪਿਛਲੀਆਂ ਮੀਟਿੰਗਾਂ ਦੌਰਾਨ ਕੀਤੇ ਗਏ ਫ਼ੈਸਲੇ ਵੀ ਲਾਗੂ ਨਹੀਂ ਹੋਏ। ਕਾਂਗਰਸ ਸਰਕਾਰ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਉਚਿੱਤ ਮੁਆਵਜ਼ਾ ਵੀ ਸਾਰੇ ਕਿਸਾਨਾਂ ਨੂੰ ਨਹੀਂ ਦਿੱਤਾ, ਜਦੋਂ ਕਿ ਕਿਸਾਨ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ੇ ਦੀ ਸਰਕਾਰ ਕੋਲੋਂ ਮੰਗ ਕਰ ਰਹੇ ਹਨ। ਉਨਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਾਂਗਰਸ ਸਰਕਾਰ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਸੂਚੀਆਂ ਵੀ ਕਿਸਾਨਾਂ ਕੋਲੋਂ ਹੀ ਮੰਗ ਰਹੀ ਹੈ। ਪੰਜ ਸਾਲਾਂ 'ਚ ਕਾਂਗਰਸ ਸਰਕਾਰ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਣਕਾਰੀ ਵੀ ਇਕੱਠੀ ਨਹੀਂ ਕਰ ਸਕੀ।
ਵਿਧਾਇਕ ਸੰਧਵਾਂ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕਰਨ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ। ਲਾਰੇ ਲੱਪੇ ਲਾਉਣ ਦੀ ਥਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨਗੇ ਜਾਂ ਨਹੀਂ। ਜੇ ਕਰਜ਼ਾ ਮੁਆਫ਼ ਕਰਦੇ ਹਨ ਤਾਂ ਕਦੋਂ ਤੱਕ ਕਰਜ਼ਾ ਮੁਆਫ਼ ਹੋਵੇਗਾ, ਕਿਉਂਕਿ ਕਾਂਗਰਸ ਸਰਕਾਰ ਕੋਲ ਮਸਾਂ ਦੋ ਹਫ਼ਤਿਆਂ ਦਾ ਸਮਾਂ ਬਚਿਆ ਹੈ।
ਇਹ ਵੀ ਪੜ੍ਹੋ : ਕੈਪਟਨ ਨਾਲ ਗਠਜੋੜ ਦੀ ਸਹਿਮਤੀ ਤੋਂ ਬਾਅਦ ਕੀ ਹੈ ਬੀਜੇਪੀ ਦੀ ਅਗਲੀ ਰਣਨੀਤੀ ?