ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਖਰਚੇ ਅਤੇ ਫੀਸਾਂ ਦੀ ਹੱਦ ਬੰਨ੍ਹ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਸਰਕਾਰ ਆਪਣੀ ਪਿੱਠ ਥਾਪੜ ਦੀ ਹੋਈ ਵਿਖਾਈ ਦੇ ਰਹੀ ਹੈ, ਉੱਥੇ ਹੀ ਕੈਪਟਨ ਸਰਕਾਰ ਨੂੰ ਉਸ ਦੇ ਆਪਣੇ ਹੀ ਇਸ ਮੁੱਦੇ 'ਤੇ ਸਲਾਹਾਂ ਦੇ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਇੱਕ ਵਾਰ ਫਿਰ ਪੰਜਾਬ ਸਰਕਾਰ ਦੇ ਖ਼ਿਲਾਖ਼ ਮੋਰਚਾ ਖੋਲ ਖੋਲ੍ਹਦੇ ਵਿਖਾਈ ਦੇ ਰਹੇ ਹਨ। ਸਰਕਾਰ ਦੇ ਇਸ ਫੈਸਲੇ 'ਤੇ ਸਵਾਲ ਚੁੱਕਦੇ ਹੋਏ ਪ੍ਰਤਾਪ ਸਿੰਘ ਬਾਜਵਾ ਕਿਹਾ ਕਿ ਜੋ ਰੇਟ ਤੈਅ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਵੀ ਪੰਜਾਹ ਫ਼ੀਸਦੀ ਕਟੌਤੀ ਕਰ ਦੇਣੀ ਚਾਹੀਦੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਲੋਕਾਂ ਦੀ ਨੌਕਰੀਆਂ ਖੁੱਸ ਗਈਆਂ ਹਨ ਅਤੇ ਗਰੀਬ ਵਰਗ ਦੇ ਲੋਕਾਂ ਦਾ ਇਲਾਜ ਸਰਕਾਰੀ ਹਸਪਤਾਲ ਦੇ ਵਿੱਚ ਹੀ ਮੁਫਤ ਕੀਤਾ ਜਾਣਾ ਚਾਹੀਦਾ ਹੈ। ਇਸੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਨਿੱਜੀ ਹਸਪਤਾਲਾਂ ਦੇ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਨਹੀਂ ਆ ਜਾਂਦੀ ਉਸ ਸਮੇਂ ਤੱਕ ਉਨ੍ਹਾਂ ਨੂੰ ਵੀ ਸਮਾਜ ਦਾ ਅਤੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਹਸਪਤਾਲਾਂ ਦੇ 'ਚ ਡਾਕਟਰ ਬਾਅਦ ਵਿੱਚ ਵੀ ਕਮਾਈ ਕਰ ਸਕਦੇ ਹਨ। ਇਨ੍ਹਾਂ ਹਾਲਾਤਾਂ ਦੇ ਵਿੱਚ ਹਸਪਤਾਲ ਦੇ ਮਾਲਕਾਂ ਨੂੰ ਵੀ ਲੋਕਾਂ ਦੀ ਸਰਕਾਰ ਨਾਲ ਮਿਲ ਕੇ ਮਦਦ ਕਰਨੀ ਚਾਹੀਦੀ ਹੈ।
ਬਾਜਵਾ ਨੇ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਹਸਪਤਾਲਾਂ ਦੇ ਵਿੱਚ ਨੋ-ਪ੍ਰੋਫਿਟ ਨੋ-ਲੋਸ ਦੇ ਤਹਿਤ ਕੰਮ ਕਰਨ ਸਬੰਧੀ ਚਿੱਠੀ ਵੀ ਲਿਖ ਸਕਦੇ ਹਨ। ਕਰੋਨਾ ਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਗਏ ਮਿਸ਼ਨ ਫ਼ਤਹਿ ਦੇ ਉੱਪਰ ਬੋਲਦਿਆਂ ਬਾਜਵਾ ਨੇ ਕਿਹਾ ਕਿ ਹਾਲੇ ਤੱਕ ਦੁਨੀਆ ਭਰ ਦੇ ਵਿੱਚ ਕੋਰੋਨਾ ਵਾਇਰਸ ਉੱਪਰ ਕਾਬੂ ਨਹੀਂ ਪਾਇਆ ਗਿਆ ਤੇ ਸੂਬੇ ਦੇ ਵਿੱਚ ਲਗਾਤਾਰ ਕੈਬਨਿਟ ਮੰਤਰੀਆਂ ਸਣੇ ਕੋਰੋਨਾ ਵਾਇਰਸ ਫੈਲ ਰਿਹਾ ਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਹੋਰ ਚੰਗੇ ਕੰਮ ਕਰਨ ਦੀ ਲੋੜ ਹੈ।