ਚੰਡੀਗੜ੍ਹ: ਕਾਂਗਰਸ ਵਿਧਾਇਕਾਂ ਦਾ ਫੋਨ ਟੈਪ ਕਰਾਉਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਨੂੰ ਆੜ੍ਹੇ ਹੱਥੀ ਲਿਆ ਹੈ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਹੀ ਵਿਧਾਇਕਾਂ ਦੇ ਫੋਨ ਟੈਪ ਕਰਵਾਉਣਾ, ਉਨ੍ਹਾਂ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ, ਇਸ ਕਰਕੇ ਉਹ ਅਜਿਹੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਧਾਇਕਾਂ ਦੇ ਮਨੁੱਖੀ ਅਧਿਕਾਰਾਂ ਦਾ ਹਨਨ ਹੈ।
ਹਰਪਾਲ ਚੀਮਾ ਨੇ ਕਾਂਗਰਸ ਤੇ ਉਨ੍ਹਾਂ ਦੇ ਵਿਧਾਇਕਾਂ ਦੇ ਫੋਨ ਟੈਪ ਕਰਨ ਦੇ ਵੀ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਬਿਆਨ ਹੋਵੇ, ਉਸ ਉੱਤੇ ਸਰਕਾਰ ਦਾ ਦੂਜੇ ਦਿਨ ਰੀਐਕਸ਼ਨ ਆ ਜਾਂਦਾ ਹੈ। ਇਸ ਕਰਕੇ ਕਈ ਵਿਧਾਇਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਨ੍ਹਾਂ ਦੇ ਫੋਨ ਟੈਪ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਉਣ ਵਾਲੇ ਚੋਣਾਂ ਵਿੱਚ ਆਪਣੀ ਹਾਰ ਵਿਖਾਈ ਦੇ ਰਹੀ ਹੈ, ਜਿਸ ਕਰਕੇ ਉਹ ਅਜਿਹੇ ਕਦਮ ਚੁੱਕ ਰਹੀ ਹੈ। ਇਸ ਬਾਬਤ ਚੀਮਾਂ ਵੱਲੋਂ ਸਪੀਕਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ ਹੈ।