ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਮਿਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਪ੍ਰਸਾਦ ਨੂੰ ਪਿਛਲੇ 7 ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ 'ਚ ਫ਼ਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਲੋੜੀਂਦਾ ਸਹਿਯੋਗ ਦੇਣ ਲਈ ਇਰਾਕ 'ਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਹਰਸਿਮਰਤ ਕੌਰ ਬਾਦਲ ਭਲਕੇ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਪ੍ਰਸਾਦ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਨੂੰ ਚਿੱਠੀ ਲਿੱਖ ਕੇ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਨੌਜਵਾਨਾਂ ਦੀ ਸਹੀ ਸਲਾਮਤ ਵਾਪਸੀ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਬਹੁਤ ਹੀ ਮਾੜੀ ਹਾਲਤ ਹੈ, ਕਿਉਂਕਿ ਵਰਕ ਪਰਮਿਟ ਨਾ ਹੋਣ ਕਰਕੇ ਉਹ ਆਪਣੇ ਗੁਜ਼ਾਰੇ ਵਾਸਤੇ ਕੰਮ ਵੀ ਨਹੀਂ ਕਰ ਸਕਦੇ। ਬਾਦਲ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣ ਲਈ ਹਵਾਈ ਟਿਕਟਾਂ ਦਾ ਖ਼ਰਚਾ ਅਕਾਲੀ ਦਲ ਵੱਲੋਂ ਦਿੱਤਾ ਜਾਵੇਗਾ।
ਬਾਦਲ ਨੇ ਕਿਹਾ ਕਿ ਦੋ ਟਰੈਵਲ ਏਜੰਟਾਂ ਵੱਲੋਂ ਇਰਾਕ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 7 ਨੌਜਵਾਨਾਂ ਨੂੰ ਠੱਗਿਆ ਗਿਆ ਸੀ। ਕੇਂਦਰੀ ਮੰਤਰੀ ਨੇ ਡਾਕਟਰ ਜੈਸ਼ੰਕਰ ਦਾ ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸਮਾਂ ਦੇਣ ਵਾਸਤੇ ਧੰਨਵਾਦ ਕੀਤਾ ਤਾਂ ਕਿ ਉਹ ਉਨ੍ਹਾਂ ਨੂੰ ਨੌਜਵਾਨਾਂ ਨੂੰ ਇਰਾਕ ਵਿੱਚ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾ ਸਕਣ।