ਚੰਡੀਗੜ੍ਹ: ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਰਿਹਾ। ਦੂਜੇ ਦਿਨ ਕਿਸਾਨ ਅੰਦੋਲਨ ਦਾ ਮੁੱਦਾ ਸਦਨ ਵਿੱਚ ਚੁੱਕਿਆ ਗਿਆ। ਕਾਂਗਰਸ ਦੇ ਵਿਧਾਇਕ ਆਫਤਾਬ ਅਹਿਮਦ ਨੇ ਸਦਨ ਵਿੱਚ ਹਰਿਆਣਾ ਸਰਕਾਰ ਤੋਂ ਇਹ ਸਵਾਲ ਪੁੱਛਿਆ ਕਿ ਹੁਣ ਤੱਕ ਕਿੰਨੇ ਹੀ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗਵਾ ਚੁੱਕੇ ਹਨ?
ਆਫਤਾਬ ਅਹਿਮਦ ਦੇ ਸਵਾਲ 'ਤੇ, ਹਰਿਆਣਾ ਸਰਕਾਰ ਨੇ ਸਦਨ ਨੂੰ ਦੱਸਿਆ ਕਿ ਹੁਣ ਤੱਕ ਕਿਸਾਨ ਅੰਦੋਲਨ ਵਿਚ 68 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 51 ਲੋਕਾਂ ਦੀ ਸਿਹਤ ਕਾਰਨਾਂ ਕਰਕੇ ਮੌਤ ਹੋਈ ਹੈ।
ਸਰਕਾਰ ਨੇ ਸਦਨ ਨੂੰ ਦੱਸਿਆ ਕਿ 68 ਵਿੱਚੋਂ 15 ਲੋਕ ਸੜਕ ਹਾਦਸੇ ਵਿੱਚ ਮਾਰੇ ਗਏ ਸਨ। ਜਦੋਂ ਕਿ ਦੋ ਲੋਕਾਂ ਨੇ ਖੁਦਕੁਸ਼ੀ ਕੀਤੀ ਹੈ। ਮਰਨ ਵਾਲਿਆਂ ਵਿਚੋਂ 21 ਹਰਿਆਣਾ ਦੇ ਅਤੇ 47 ਪੰਜਾਬ ਤੋਂ ਹਨ। ਸਰਕਾਰ ਨੇ ਕਿਹਾ ਕਿ ਮ੍ਰਿਤਕਾਂ ਨੂੰ ਵਿੱਤੀ ਸਹਾਇਤਾ ਜਾਂ ਨੌਕਰੀਆਂ ਦੇਣ ਦਾ ਕੋਈ ਵਿਚਾਰ ਨਹੀਂ ਹੈ।
ਦੱਸ ਦਈਏ ਕਿ ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਨੂੰ 100 ਤੋਂ ਵੱਧ ਦਿਨ ਬੀਤ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਸੰਯੁਕਤ ਕਿਸਾਨ ਮੋਰਚੇ ਅਨੁਸਾਰ ਕਿਸਾਨ ਅੰਦੋਲਨ ਵਿੱਚ ਹੁਣ ਤੱਕ 300 ਦੇ ਕਰੀਬ ਕਿਸਾਨ ਫੌਤ ਹੋ ਚੁੱਕੇ ਹਨ। ਉੱਥੇ ਹੀ, ਸਰਕਾਰ ਨੇ ਸਦਨ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ ਕਿਸਾਨ ਅੰਦੋਲਨ ਵਿਚ ਹੁਣ ਤੱਕ 68 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਬਲਾਤਕਾਰ ਪੀੜਤਾ ਦੇ ਦੋਸ਼ੀ ਨਾਲ ਵਿਆਹ 'ਤੇ ਬੋਲੇ ਸੀਜੇਆਈ ਬੋਬੜੇ, ਬਿਆਨ ਦਾ ਗਲਤ ਮਤਲਬ ਕੱਢਿਆ ਗਿਆ