ਚੰਡੀਗੜ੍ਹ: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਬਾਰਡਰ ਵਿਖੇ ਧਰਨਾ ਲਾਈ ਬੈਠੇ ਹਨ। ਕਿਸਾਨਾਂ ਤੇ ਕੇਂਦਰ ਵਿੱਚ ਮੰਗਾਂ ਦੇ ਹੱਲ ਵਾਸਤੇ ਕਈ ਦੌਰ ਦੀ ਬੈਠਕ ਵੀ ਹੋਈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਵਿੱਚ ਖ਼ਬਰ ਆਉਂਦੀ ਹੈ ਕਿ ਐਨਆਈਏ ਵੱਲੋਂ ਅੰਦੋਲਨ ਵਿੱਚ ਸ਼ਾਮਲ ਕਈ ਸਮਾਜਸੇਵੀ ਸੰਸਥਾਵਾ, ਪੱਤਰਕਾਰਾਂ ਅਤੇ ਹੋਰ ਲੋਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਇਸ ਦੀ ਆਮ ਆਦਮੀ ਪਾਰਟੀ ਵੱਲੋਂ ਨਿਖੇਧੀ ਕੀਤੀ ਗਈ।
ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਸਾਨਾਂ ਦਾ ਸੰਘਰਸ਼ ਹੈ ਅਤੇ ਪਹਿਲਾਂ ਵੀ ਕਈ ਵਾਰ ਇਸ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਕਦੇ ਕਿਸਾਨਾਂ ਨੂੰ ਵੱਖਵਾਦੀ ਕਿਹਾ ਜਾਂਦਾ ਹੈ ਅਤੇ ਕਦੇ ਟੁਕੜੇ-ਟੁਕੜੇ ਗੈਂਗ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਸੁਣ ਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਆਪਣੀ ਏਜੰਸੀਆਂ ਦੇ ਜ਼ਰੀਏ ਇਸ ਅੰਦੋਲਨ ਕਰਨ ਵਾਲੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬਿਲਕੁਲ ਗਲਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਬ ਨੂੰ ਵੀ ਦਬਾਉਣ ਦੀਆਂ ਕੋਸ਼ਿਸ਼ਾਂ ਸਰਕਾਰ ਕਰ ਰਹੀ ਹੈ ਪਰ ਜ਼ਰੂਰੀ ਹੈ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦੀ ਮੰਗ ਪੂਰੀ ਕੀਤੀ ਜਾਵੇ।