ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਰੁੜਕਾ ਵਿਖੇ ਪਾਰਕ ਦੇ ਸੁੰਦਰੀਕਰਨ ਲਈ 4 ਲੱਖ ਰੁਪਏ ਦਾ ਚੈੱਕ ਪੰਚਾਇਤ ਮੈਂਬਰਾਂ ਨੂੰ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਮੂਹ ਪਿੰਡਾਂ ਵਿੱਚ ਪਾਰਕ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਇੱਕ ਸਾਲ ਦੌਰਾਨ ਕਰੀਬ 72 ਲੱਖ ਪੌਦੇ ਪਿੰਡਾਂ ਵਿੱਚ ਲਾਏ ਗਏ। ਉਨ੍ਹਾਂ ਕਿਹਾ ਕਿ ਪਿੰਡ ਰੁੜਕਾ ਦੇ ਵਾਸੀਆਂ ਦੀਆਂ ਹੋਰਨਾਂ ਸਮੱਸਿਆਵਾਂ ਦਾ ਹੱਲ ਵੀ ਛੇਤੀ ਹੀ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ’ਚ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।