ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਜੇਲ੍ਹ ਵਿੱਚ ਹੱਤਿਆ ਨੂੰ ਲੈ ਕੇ ਪਰਿਵਾਰ ਵੱਲੋਂ ਮੁਆਵਜ਼ੇ ਦੀ ਮੰਗ ਕਰਦਿਆਂ ਪਾਈ ਪਟਿਸ਼ਨ 'ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਸੁਣਵਾਈ ਦੇ ਦੌਰਾਨ ਕੋਰਟ ਨੇ ਕਿਹਾ ਹੈ ਕਿ ਅਜਿਹੇ ਮੁਆਵਜ਼ੇ ਦੇ ਕੇਸਾਂ ਵਿੱਚ ਜੇਕਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਜਿਹੀ ਜਜਮੈਂਟ ਦਿੱਤੀ ਹੈ ਤਾਂ ਉਹ ਕੋਰਟ ਵਿੱਚ ਪੇਸ਼ ਕੀਤੀ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਨੂੰ 9 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ 'ਚ ਆਰੋਪੀ ਮਹਿੰਦਰਪਾਲ ਸਿੰਘ ਬਿੱਟੂ ਦਾ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ, ਜਿਸ ਉੱਤੇ ਪਰਿਵਾਰ ਨੇ ਕਈ ਸਵਾਲ ਖੜੇ ਕੀਤੇ ਸੀ। ਬਿੱਟੂ ਦੇ ਪਰਿਵਾਰ ਵੱਲੋਂ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਹੈ।