ਚੰਡੀਗੜ੍ਹ: ਸਤੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਵਿੱਚ ਵੈਸਟਰਨ ਡਿਸਟਰਬਨਸ ਕਾਰਨ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁੱਖੀ ਸੁਰਿੰਦਰ ਪਾਲ ਨੇ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤੰਬਰ ਮਹੀਨੇ ਦੇ ਅਖ਼ੀਰਲੇ ਹਫਤੇ ਵਿੱਚ ਵੈਸਟਰਨ ਡਿਸਟਰਬਨਸ ਕਾਰਨ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਗੁਜਰਾਤ ਆਦਿ ਸੂਬੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਅੰਦਰ ਹੁਣ ਤੱਕ 133 ਐੱਮਐੱਮ ਬਾਰਿਸ਼ ਹੋ ਚੁੱਕੀ ਹੈ ਜੋ ਆਪਣੇ ਆਪ 'ਚ ਵੱਡਾ ਰਿਕਾਰਡ ਹੈ।
ਉਨ੍ਹਾਂ ਇੱਕ ਪਾਸੇ ਜਿੱਥੇ ਆਉਂਦੇ ਦਿਨਾਂ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। 29 ਸਤੰਬਰ ਤੋਂ 3 ਅਕਤੂਬਰ ਤੱਕ ਉੱਤਰ ਭਾਰਤ ਵਿੱਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਇਸ ਵੈਸਟਰਨ ਡਿਸਟਰਬਨਸ ਦੇ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ ਪੰਜਾਬ ਦੇ ਬਠਿੰਡਾ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫ਼ਰੀਦਕੋਟ, ਗੰਗਾਨਗਰ, ਹਨੁਮਾਨਗੜ੍ਹ, ਸਿਰਸਾ ਵਿੱਚ ਹੋਵੇਗਾ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਸਾਨਾਂ ਲਈ ਖ਼ਾਸ ਚਿਤਾਵਨੀ ਜਾਰੀ ਕਰਦਿਆਂ ਆਖਿਆ ਕਿ ਮਾਲਵੇ ਦੇ ਇਲਾਕਿਆਂ ਵਿੱਚ ਕਿਸਾਨਾਂ ਦੀ ਨਰਮੇ ਤੇ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਜੇ ਹੁਣ ਹਨ੍ਹੇਰੀ ਜਾਂ ਗੜੇਮਾਰੀ ਹੁੰਦੀ ਹੈ ਤਾਂ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ। ਇਸ ਲਈ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਜੇ ਕਿਸੇ ਦਾ ਝੋਨਾ ਪੱਕ ਕੇ ਤਿਆਰ ਹੈ ਤਾਂ ਵੱਢ ਲੈਣ ਅਤੇ ਆਪਣੀ ਫ਼ਸਲ ਨੂੰ ਪਾਣੀ ਨਾ ਲਾਉਣ ਕਿਉਂਕਿ ਫ਼ਸਲ ਨੂੰ ਪਾਣੀ ਲਾਉਣ ਨਾਲ ਨਰਮੇ 'ਤੇ ਝੋਨੇ ਦੀ ਫ਼ਸਲ ਨੂੰ ਹੋਰ ਵੀ ਜ਼ਿਆਦਾ ਨੁਕਸਾਨ ਹੋ ਸਕਦਾ ਹੈ ।