ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜਾਂਚ ਰਿਪੋਰਟ ਰੱਦ ਕੀਤੇ ਜਾਣ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦੇ ਦਿੱਤੀ ਹੈ। ਜਿਸ 'ਤੇ ਹਾਈ ਕੋਰਟ ਨੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਸੁਣਵਾਈ ਹੁਣ 7 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਸਿੰਗਲ ਬੈਂਚ ਦੇ ਫ਼ੈਸਲੇ ਤੋਂ ਬਾਅਦ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਚੁੱਕੇ ਹਨ, ਲੇਕਿਨ ਸਿੰਗਲ ਬੈਂਚ ਨੇ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕੁੰਵਰ ਵਿਜੇ ਪ੍ਰਤਾਪ ਵੱਲੋਂ ਕੀਤੀ ਗਈ ਜਾਂਚ 'ਤੇ ਸਵਾਲ ਚੁੱਕਦੇ ਹੋਏ ਕੁੰਵਰ ਵਿਜੈ ਪ੍ਰਤਾਪ ਉੱਤੇ ਕਈ ਟਿੱਪਣੀਆਂ ਕੀਤੀਆਂ ਸਨ। ਅਜਿਹੇ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਹੁਣ ਸਿੰਗਲ ਬੈਂਚ ਦੇ ਇਸ ਫੈਸਲੇ ਨੂੰ ਰੱਦ ਕਰਨ ਦੀ ਹਾਈ ਕੋਰਟ ਤੋਂ ਮੰਗ ਕੀਤੀ ਹੈ ਨਾਲ ਹੀ ਇਸ ਫੈਸਲੇ ਵਿੱਚ ਉਨ੍ਹਾਂ ਉੱਤੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਹਟਾਉਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਸਲਾਹਕਾਰ ਸਿੱਧੂ ਦੇ ਨਿੱਜੀ ਨੇ, ਕਾਂਗਰਸ ਦੇ ਨਹੀਂ: ਪਰਗਟ ਸਿੰਘ
ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਵਕੀਲ ਏ.ਪੀ.ਐਸ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਨਾਲ ਜੁੜੇ ਫੈਕਟ ਸਹੀ ਢੰਗ ਨਾਲ ਕੋਰਟ ਨੂੰ ਨਹੀਂ ਦੱਸੇ ਗਏ, ਜਿਸ ਕਰਕੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਰਿਪੋਰਟ ਨੂੰ ਰੱਦ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ 1153 ਪੇਜਾਂ ਦੀ ਪਟੀਸ਼ਨ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮਾਮਲੇ 'ਤੇ ਇਨਸਾਫ਼ ਜ਼ਰੂਰ ਹੋਏਗਾ।