ਚੰਡੀਗੜ੍ਹ: ਕਰਨਾਲ 'ਚ ਕਿਸਾਨਾਂ ਤੇ ਲਾਠੀਚਾਰਜ ਦੇ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਜਾਰੀ ਕੀਤੀ ਗਈ ਹੈ। ਜਿਸ ਤੇ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਹਰਿਆਣਾ ਏਜੀ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਦੌਰਾਨ ਚੀਫ਼ ਜਸਟਿਸ ਦੇ ਬੈਂਚ ਨੇ ਇਹ ਟਿੱਪਣੀਆਂ ਵੀ ਕੀਤੀਆਂ ਕਿ ਇੱਕ ਪਾਰਟੀ ਵੱਲੋਂ ਕਿਸਾਨਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ।
ਕਰਨਾਲ ਦੇ ਕੁਝ ਲੋਕਾਂ ਨੇ ਹੀ ਇਹ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਐਸ.ਡੀ.ਐਮ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਜਾਂਚ ਦੀ ਮੰਗ ਕੀਤੀ ਗਈ ਹੈ।
ਐਸ.ਡੀ. ਐਮ ਆਯੂਸ਼ ਸਿਨਹਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਜ਼ਖਮੀਆਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਜਾਣਾ ਚਾਹੀਦਾ ਹੈ ਕਿ ਉਹ ਬਾਂਸ ਦੀ ਲੱਕੜ ਤੋਂ ਬਣੀਆਂ ਲਾਠੀਆਂ ਦੀ ਵਰਤੋਂ ਨਾ ਕਰਨ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਅਦਾਲਤ ਨੂੰ ਘਟਨਾ ਬਾਰੇ ਜਾਣੂੰ ਕਰਵਾਇਆ। ਸਰਕਾਰ ਅਗਲੀ ਸੁਣਵਾਈ 'ਤੇ ਜਵਾਬ ਦਾਇਰ ਕਰੇਗੀ।