ਚੰਡੀਗੜ੍ਹ:ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਦੇ ਕਸਬਾ ਲਹਿਰਾਗਾਗਾ ਵਿਖੇ ਐਮਸੀ ਚੋਣਾਂ 'ਚ ਨਿਯਮਾਂ ਦੀ ਉਲੰਘਣਾ ਸਬੰਧੀ ਦੋਸ਼ਾਂ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਸਬੰਧੀ ਸੁਣਵਾਈ ਪੂਰੀ ਹੋਣ ਤੱਕ ਜਸਟਿਸ ਜਸਵੰਤ ਸਿੰਘ ਤੇ ਜਸਟਿਸ ਸੰਤ ਪ੍ਰਕਾਸ਼ ਦੀ ਬੈਂਚ ਨੇ ਐਮਸੀ ਪ੍ਰਧਾਨ ਦੀ ਚੋਣ ਲਈ ਬੈਠਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਮਾਮਲੇ ਉੱਤੇ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।
ਕੀ ਹੈ ਪੂਰਾ ਮਾਮਲਾ
ਸੰਗਰੂਰ ਦੇ ਕਸਬਾ ਲਹਿਰਾਗਾਗਾ ਵਿਖੇ ਨਗਰ ਕੌਂਸਲ (ਐਮਸੀ) ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਸਬੰਧੀ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਹਿਰਾਗਾਗਾ ਦੇ ਵਾਰਡ ਨੰਬਰ 8 ਤੋਂ ਉਮੀਦਵਾਰ ਸੁਰਿੰਦਰ ਸਿੰਘ ਤੇ ਵਾਰਡ ਨੂੰ 2 ਦੀ ਉਮੀਦਵਾਰ ਸੁਰਿੰਦਰ ਕੌਰ ਨੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ 'ਚ ਦੱਸਿਆ ਗਿਆ ਕਿ ਦੋਵੇਂ ਅਜ਼ਾਦ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਸਨ। ਉਨ੍ਹਾਂ ਦੱਸਿਆ ਕਿ 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚ ਉਨ੍ਹਾਂ ਨੂੰ ਜੇਤੂ ਐਲਾਨ ਕੀਤਾ ਗਿਆ ਸੀ। ਸ਼ਾਮ 4 ਵਜੇ ਜਦ ਉਹ ਚੋਣ ਜਿੱਤ ਸਬੰਧੀ ਸਰਟੀਫਿਕੇਟ ਲੈਣ ਪੁੱਜੇ ਤਾਂ ਉਨ੍ਹਾਂ ਨੂੰ ਦੱਸਿਆ ਕਿ ਉਹ ਚੋਣਾਂ ਹਾਰ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਵੀਡੀਓ ਬਣਾਈ ਗਈ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਇਸ ਦੇ ਨਾਲ ਹੀ ਹੁਣ ਨਗਰ ਕੌਂਸਲ ਪ੍ਰਧਾਨ ਚੁਣਨ ਤੋਂ ਮਗਰੋਂ ਜਿੱਤੇ ਗਏ ਉਮੀਦਵਾਰਾਂ ਦੀ ਬੈਠਕ ਕਰਵਾਈ ਜਾ ਰਹੀ ਹੈ। ਪਟੀਸ਼ਨਕਰਤਾ ਪੱਖ ਨੇ ਈਵੀਐਮ ਮਸ਼ੀਨਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਕੇਂਦਰੀ ਸੁਰੱਖਿਆ ਏਜੰਸੀ ਦੀ ਨਿਗਰਾਨੀ ਹੇਠ ਰੱਖੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਇਸ ਮਾਮਲੇ ਸਬੰਧੀ ਜਵਾਬ ਦੀ ਮੰਗ ਕੀਤੀ ਹੈ ਤੇ ਨਗਰ ਕੌਂਸਲ ਪ੍ਰਧਾਨ ਸਬੰਧੀ ਹੋਣ ਵਾਲੀ ਬੈਠਕ 'ਤੇ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ।