ਚੰਡੀਗੜ੍ਹ: ਦਰਅਸਲ, ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਨੂੰ ਮੈਨੇਜਰ ਰਣਜੀਤ ਸਿੰਘ ਦੇ ਕਤਲ ਦਾ ਮੁਲਜ਼ਮ ਬਣਾਇਆ ਗਿਆ ਹੈ। ਇਹ ਕੇਸ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਿਹਾ ਹੈ। ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਚਕੂਲਾ ਸੀਬੀਆਈ ਕੋਰਟ ਦੇ ਜੱਜ ਤੋਂ ਕੇਸ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਸੀਬੀਆਈ ਇਸ ਮਾਮਲੇ ਵਿੱਚ ਹਾਈ ਕੋਰਟ ਨੂੰ ਸੰਤੁਸ਼ਟ ਨਹੀਂ ਕਰ ਸਕੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਸਟੇਅ ਆਰਡਰ ਜਾਰੀ ਕਰਦੇ ਹੋਏ ਮਾਮਲੇ ਦੀ ਸੁਣਵਾਈ 27 ਅਗਸਤ ਤੱਕ ਮੁਲਤਵੀ ਕਰ ਦਿੱਤੀ। ਪਟੀਸ਼ਨਰ ਦੇ ਵਕੀਲ ਆਰਐਸ ਬੈਂਸ ਨੇ ਦੱਸਿਆ ਕਿ ਇਸ ਵਾਰ ਹਾਈ ਕੋਰਟ ਦਾ ਲਿਖਤੀ ਹੁਕਮ ਜਾਰੀ ਨਹੀਂ ਹੋਇਆ ਹੈ। ਫੈਸਲਾ ਸੁਣਾਏ ਜਾਣ ਤੋਂ ਸਿਰਫ ਤਿੰਨ ਦਿਨ ਪਹਿਲਾਂ ਰਣਜੀਤ ਸਿੰਘ ਦੀ ਧੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖਟਕਾਇਆ ਸੀ।
ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਵਿਸ਼ੇਸ਼ ਸੀਬੀਆਈ ਜੱਜ ਸੁਸ਼ੀਲ ਗਰਗ ਨੂੰ ਫੈਸਲਾ ਸੁਣਾਉਣ ਤੋਂ ਰੋਕਿਆ ਜਾਵੇ ਅਤੇ ਫੈਸਲਾ ਸੁਣਾਉਣ ਲਈ ਕੇਸ ਨੂੰ ਪੰਜਾਬ, ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਹੋਰ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਗਈ। ਪਟੀਸ਼ਨਰ 27 ,ਸਾਲਾ ਜਗਸੀਰ ਸਿੰਘ, ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਖਾਨਪੁਰ ਕੋਲੀਆਂ ਪਿੰਡ ਦਾ ਵਸਨੀਕ ਹੈ। ਜਗਸੀਰ ਸਿੰਘ ਨੇ ਇਨਸਾਫ ਮਿਲਣ ਦੀ ਉਮੀਦ ਵੀ ਜਤਾਈ ਹੈ।
ਪਟੀਸ਼ਨ ਦੇ ਅਨੁਸਾਰ, ਉਸ ਨੂੰ ਖਦਸ਼ਾ ਹੈ ਕਿ ਸੀਬੀਆਈ ਜਾਂਚ ਕਿਸੇ ਹੋਰ ਸੀਬੀਆਈ ਦੇ ਸਰਕਾਰੀ ਵਕੀਲ ਦੇ ਮਾਮਲੇ ਨੂੰ ਪ੍ਰਭਾਵਿਤ ਕਰ ਰਹੀ ਹੈ। ਇਹ ਵਕੀਲ ਇਸ ਮਾਮਲੇ ਵਿੱਚ ਸੀਬੀਆਈ ਦਾ ਵਕੀਲ ਨਹੀਂ ਹੈ। ਉਹ ਹੋਰ ਮਾਮਲਿਆਂ ਵਿੱਚ ਸੀਬੀਆਈ ਦੀ ਪ੍ਰਤੀਨਿਧਤਾ ਕਰਦਾ ਹੈ, ਫਿਰ ਵੀ ਉਹ ਇਸ ਮਾਮਲੇ ਵਿੱਚ ਬੇਲੋੜੀ ਦਿਲਚਸਪੀ ਲੈਂਦਾ ਹੈ ਅਤੇ ਜੱਜ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਮੁਕੰਮਲ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਇਸ ਦੇ ਲਈ 26 ਅਗਸਤ ਦੀ ਤਰੀਕ ਤੈਅ ਕੀਤੀ ਸੀ। ਸੋਮਵਾਰ ਨੂੰ ਸੀਬੀਆਈ ਨੇ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ ਸੀ। ਇੱਕ ਲਿਖਤੀ ਜਵਾਬ ਵਿੱਚ ਸੀਬੀਆਈ ਦੇ ਵਕੀਲ ਐਚਪੀਐਸ ਵਰਮਾ ਨੇ ਬਚਾਅ ਪੱਖ ਦੀਆਂ ਦਲੀਲਾਂ ਉੱਤੇ ਆਪਣਾ ਜਵਾਬ ਦਿੱਤਾ ਹੈ।