ਚੰਡੀਗੜ੍ਹ: ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਐਸ.ਯੂ.ਐਸ. ਕਾਲਜ, ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।
ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।
ਸੀ.ਐਲ.ਯੂ. ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।
ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸਡੀਆਈਸੀ ਦੇ ਜਨਰਲ ਸਕੱਤਰ ਐਮ.ਪੀ.ਸਿੰਘ ਨੇ ਕਿਹਾ ਕਿ ਮੁਲਾਜ਼ਮਾਂ 'ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।
ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ।
ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ 'ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਸ੍ਰੀ ਪੰਕਜ ਬਾਵਾ, ਜੀ.ਐਮ ਡੀ.ਆਈ.ਸੀ. ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ