ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੀਤੇ ਦਿਨੀ ਹੋਏ ਆਪਸੀ ਰਲੇਵੇਂ ਤੋਂ ਬਾਅਦ ਨਵੀਂ ਪਾਰਟੀ ਬਣਾਉਣ ਸਬੰਧੀ ਉਪਰੋਕਤ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ। ਇਹ ਮੀਟਿੰਗ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਗ੍ਰਹਿ ਨਿਵਾਸ 'ਤੇ ਕੀਤੀ ਗਈ। ਜਿਸ 'ਚ ਨਵੀਂ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਅਤੇ ਪਾਰਟੀ ਦੇ ਨਾਮ ਬਾਰੇ ਆਪਣੇ-ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।
ਇਸ ਮੀਟਿੰਗ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਇਸ ਸਬੰਧੀ ਕਮੇਟੀਆਂ ਬਣਾਉਣ ਦੇ ਅਧਿਕਾਰ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ। ਪਾਰਟੀ ਦੇ ਆਗੂਆਂ ਨੇ ਸਰਪ੍ਰਸਤ ਅਤੇ ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨੂੰ ਖਿੱੜੇ-ਮੱਥੇ ਪ੍ਰਵਾਨ ਕਰਨ ਦਾ ਫੈਸਲਾ ਲਿਆ। ਇਸ ਦੌਰਾਨ ਕਿਸਾਨ ਅੰਦੋਲਨ ਦੀ ਪੁਰਜੋਰ ਹਮਾਇਤ ਕਰਦਿਆਂ ਸਮੁੱਚੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਮੀਟਿੰਗ 'ਚ ਦੋਵੇਂ ਸੀਨੀਅਰ ਆਗੂਆਂ ਨੇ ਪੱਛਮੀ ਬੰਗਾਲ ਦੀ ਤੀਜ਼ੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੂੰ ਵਧਾਈ ਵੀ ਦਿੱਤੀ। ਦੋਵੇਂ ਆਗੂਆਂ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਜਿੱਤ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਖੇਤਰੀ ਪਾਰਟੀਆਂ ਹੀ ਸੂਬੇ ਦਾ ਵਿਕਾਸ ਕਰ ਸਕਦੀਆਂ ਹਨ। ਇਸ ਮੌਕੇ ਦੋਵੇਂ ਪਾਰਟੀਆਂ ਦੇ ਕਈ ਆਗੂ ਵੀ ਮੌਜੂਦ ਸੀ।
ਇਹ ਵੀ ਪੜ੍ਹੋ:ਕੈਪਟਨ ਵੱਲੋਂ ਸਿਹਤ ਵਿਭਾਗ ਨੂੰ ਟੀਕਾਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼