ਚੰਡੀਗੜ੍ਹ : ਮਨੋਹਰ ਲਾਲ ਖੱਟਰ ਨੇ ਦੀਵਾਲੀ ਮੌਕੇ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਇਸ ਦੇ ਨਾਲ ਹੀ ਭਾਜਪਾ ਪਾਰਟੀ ਨੂੰ ਜਿੱਤ ਦੇ ਰਾਹੇ ਪਾਉਣ ਵਾਲੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਸੂਬੇ ਦੇ ਰਾਜਪਾਲ ਸਤਿਆਦੇਵ ਨਾਰਾਇਣ ਆਰਿਆ ਨੇ ਖੱਟਰ ਅਤੇ ਦੁਸ਼ਯੰਤ ਚੌਟਾਲਾ ਨੂੰ ਸਹੁੰ ਚੁਕਾਈ।
ਚੰਡੀਗੜ੍ਹ ਦੇ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਪ੍ਰਧਾਨ ਸੁਖਬੀਰ ਬਾਦਲ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਜੇਪੀ ਨੱਡਾ ਤੇ ਅਜੈ ਚੌਟਾਲਾ ਸਮੇਤ ਕਈ ਮੰਤਰੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਦੁਸ਼ਯੰਤ ਚੌਟਾਲਾ ਦੀ ਮਾਂ ਨੈਨਾ ਚੌਟਾਲਾ ਤੇ ਪਿਤਾ ਅਜੇ ਚੋਟਾਲਾ ਵੀ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ 14 ਦਿਨਾਂ ਦੀ ਪੈਰੋਲ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਸਾਰੇ ਭਾਜਪਾ ਵਿਧਾਇਕ, ਜੇਜੇਪੀ ਦੇ 10 ਵਿਧਾਇਕ, 6 ਸੁਤੰਤਰ ਵਿਧਾਇਕ ਵੀ ਪ੍ਰੋਗਰਾਮ ਵਿੱਚ ਮੌਜੂਦ ਰਹੇ।
ਦੱਸ ਦਈਏ, ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਇਕ ਦਲ ਦੀ ਬੈਠਕ ਹੋਈ ਜਿਸ ਵਿੱਚ ਮਨੋਹਰ ਲਾਲ ਖੱਟਰ ਨੂੰ ਸਰਬ-ਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਮਨੋਹਰ ਲਾਲ ਖੱਟਰ ਤੇ ਦੁਸ਼ਯੰਤ ਚੌਟਾਲਾ ਨੇ ਮਿਲ ਕੇ ਰਾਜਪਾਲ ਸਤਿਆਦੇਵ ਨਾਰਾਇਣ ਆਰਿਆ ਨੂੰ ਸਰਕਾਰ ਬਣਾਉਣ ਦਾ ਪ੍ਰਸਤਾਵ ਸੌਂਪਿਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।