ਚੰਡੀਗੜ੍ਹ: ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਹੈ। ਇਸ ਚਿੱਠੀ 'ਚ ਦੂਲੋ ਨੇ ਕੈਪਟਨ ਨੂੰ ਕਾਲਜਾਂ ਅਤੇ ਵਿਦਿਆਰਥੀਆਂ ਦੇ ਮਸਲੇ ਵਿਚਕਾਰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੂੰ ਲਿਖੀ ਚਿੱਠੀ 'ਚ ਦੂਲੋ ਨੇ ਕਿਹਾ ਹੈ ਕਿ ਸੂਬੇ ਦੇ ਨਿਜੀ ਕਾਲਜਾਂ ਦੀ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (JAC) ਨੇ ਸਾਂਝੇ ਤੌਰ 'ਤੇ 2 ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦਾ ਫ਼ੈਸਲਾ ਲਿਆ ਹੈ।
![ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕੈਪਟਨ ਨੂੰ ਲਿਖੀ ਚਿੱਠੀ](https://etvbharatimages.akamaized.net/etvbharat/prod-images/dhullobylatter_08062021221752_0806f_1623170872_1033.jpg)
ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਇਹ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੀ ਰਾਸ਼ੀ ਕਾਲਜਾਂ ਨੂੰ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਉਹ ਪਿਛਲੇ 4 ਸਾਲਾਂ ਤੋਂ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ (Post Matric Scholarship Scheme) ਦੇ ਘਪਲੇ ਬਾਰੇ ਕੈਪਟਨ ਦਾ ਧਿਆਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ (Government of Punjab) ਕਾਲਜਾਂ ਨੂੰ ਫੰਡ ਜਾਰੀ ਕਰ ਦੇਵੇ ਤਾਂ ਜੋ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਦੱਸਣਯੋਗ ਹੈ ਕਿ ਨਿਜੀ ਵਿੱਦਿਅਕ ਸੰਸਥਾਵਾਂ ਦੀ ਸਾਂਝੀ ਐਸੋਸੀਏਸ਼ਨ ਆਫ ਕਾਲੇਜਿਜ਼ (JAC) ਨੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲਾਉਂਦੇ ਹੋਏ ਉਨ੍ਹਾਂ ਦੇ ਰੋਲ ਨੰਬਰ ਰੋਕਣ ਦਾ ਫ਼ੈਸਲਾ ਕੀਤਾ ਹੈ।