ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ(Punjab Deputy Chief Minister Sukhjinder Singh Randhawa) ਨੇ ਮੇਘਾਲਿਆ ਸਰਕਾਰ(Government of Meghalaya) ਵੱਲੋਂ ਸ਼ਿਲੌਂਗ(Shillong) ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ। ਕਿ ਉਨ੍ਹਾਂ ਦੇ ਉਜਾੜੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।
ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ(Deputy Chief Minister Preston Tynesong) ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ।
ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।
ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਆਦੇਸ਼