ਚੰਡੀਗੜ੍ਹ: ਖੇਤੀ ਸੁਧਾਰ ਆਰਡੀਨੈਂਸਾਂ ਨੂੰ ਵਿਧਾਨ ਸਭਾ ਵਿੱਚ ਰੱਦ ਕਰਨ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਬੈਂਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ।
ਪੁਲਿਸ ਨੇ ਬੈਂਸ ਭਰਾਵਾਂ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਅਤੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਬਰਾੜ ਵੱਲੋਂ ਮੰਗ ਪੱਤਰ ਲੈ ਕੇ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਦੀ ਗੱਲ ਆਖੀ ਗਈ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਬੈਂਸ ਨੇ ਕਿਹਾ ਸਰਬ ਪਾਰਟੀ ਦੀ ਬੈਠਕ ਦੇ ਵਿੱਚ ਸਾਰੀਆਂ ਪਾਰਟੀਆਂ ਦੇ ਲੀਡਰਾਂ ਨੇ ਖੇਤੀ ਸੁਧਾਰ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਮੁੱਦੇ 'ਤੇ ਮਤਾ ਲਿਆ ਕੇ ਇਸ ਨੂੰ ਰੱਦ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਐਸਵਾਈਐਲ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਮੁੱਖ ਮੰਤਰੀ ਨੂੰ ਦੋ ਟੁੱਕ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਸਿਆਸਤ ਕਰ ਰਹੀ ਹੈ।