ਚੰਡੀਗੜ੍ਹ: ਪੰਜਾਬ ਕਾਂਗਰਸ ’ਚ ਚਲ ਰਿਹਾ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੇ ਮੁੜ ਤੋਂ ਪੰਜਾਬ ਦੀ ਸਿਆਸਤ ਚ ਸਿਆਸੀ ਭੂਚਾਲ ਪੈਦਾ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਲਾਕਾਤ ਕਰਨ ਲਈ ਸੱਦਾ ਦਿੱਤਾ ਹੈ।
ਸਿੱਧੂ ਨੂੰ ਗੱਲਬਾਤ ਦਾ ਸੱਦਾ
ਪੀਪੀਸੀਸੀ (PPCC President) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot singh Sidhu) ਦੇ ਅਸਤੀਫੇ ਬਾਰੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਨੂੰ ਮੁਲਾਕਾਤ ਕਰਨ ਲਈ ਵੀ ਸੱਦਾ ਦਿੱਤਾ ਹੈ। ਚੰਨੀ ਨੇ ਕਿਹਾ ਕਿ ਉਹ ਸਿੱਧੂ ਨਾਲ ਮਿਲ ਬੈਠ ਕੇ ਗੱਲ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦਾ ਪ੍ਰਧਾਨ ਮੁਖੀਆ ਹੁੰਦਾ ਹੈ ਤੇ ਮੁਖੀਆ ਨੂੰ ਪਰਿਵਾਰ ਵਿੱਚ ਆਪਣੀ ਗੱਲ ਮਜਬੂਤੀ ਨਾਲ ਰੱਖਣੀ ਚਾਹੀਦੀ ਹੈ।
ਚੰਨੀ ਨੇ ਇਹ ਵੀ ਕਿਹਾ ਕਿ ਸਰਕਾਰ ਇੱਕ ਵਿਚਾਰਧਾਰਾ ‘ਤੇ ਚੱਲਦੀ ਹੈ ਤੇ ਪਾਰਟੀ ਸਰਵ ਉੱਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ‘ਤੇ ਚੱਲਦੀ ਹੈ, ਲਿਹਾਜਾ ਸਿੱਧੂ ਨੂੰ ਆ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਧੂ ਨਾਲ ਗੱਲ ਕਰਨ ਲਈ ਕੁਝ ਮੰਤਰੀ ਵੀ ਗਏ ਸੀ ਤੇ ਅੱਜ ਜਾਂ ਕੱਲ੍ਹ ਵਿੱਚ ਫੈਸਲਾ ਹੋ ਜਾਏਗਾ।
ਇਹ ਵੀ ਪੜੋ: ਚੰਨੀ ਸਰਕਾਰ ਵੱਲੋਂ ਦੋ ਕਿਲੋਵਾਟ ਵਾਲਿਆਂ ਦਾ ਬਿਜਲੀ ਬਿਲ ਮਾਫ
ਕਾਬਿਲੇਗੌਰ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਚ ਸਿਆਸੀ ਭੂਚਾਲ ਆ ਗਿਆ ਸੀ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਅਸਤੀਫਾ ਭੇਜਿਆ ਸੀ, ਉਸ ’ਚ ਕਿਹਾ ਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ ਤੇ ਇਸੇ ਲਈ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਪਰ ਪਾਰਟੀ ਲਈ ਕੰਮ ਕਰਦੇ ਰਹਿਣਗੇ।