ਲਖਨਊ: ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਵਿਚ ਦਲਿਤ ਸੀ.ਐੱਮ. ਨੂੰ ਲੈ ਕੇ ਕਾਂਗਰਸ ਨੂੰ ਲੰਬੇ ਹੱਥੀਂ ਲੈਂਦਿਆਂ ਇਹ ਦੋਸ਼ ਲਗਾਏ ਹਨ ਕਿ ਕਾਂਗਰਸ ਨੂੰ ਦਲਿਤਾਂ 'ਤੇ ਭਰੋਸਾ ਨਹੀਂ ਹੈ।ਮਾਇਆਵਤੀ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਚੰਗਾ ਹੁੰਦਾ ਜੇ ਕਾਂਗਰਸ ਪਾਰਟੀ ਇਨ੍ਹਾਂ ਨੂੰ ਪਹਿਲਾਂ ਹੀ ਪੂਰੇ ਪੰਜ ਸਾਲ ਲਈ ਮੁੱਖ ਮੰਤਰੀ ਬਣਾ ਦਿੰਦੀ ਪਰ ਹੁਣ ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ।
ਦਲਿਤ ਭਾਈਚਾਰੇ ਵਿਚੋਂ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਸਿਆਸੀ ਹਥਕੰਡਾ
ਇਸ ਲਈ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਹ ਕਾਂਗਰਸ ਪਾਰਟੀ ਦਾ ਚੋਣ ਹਥਕੰਡਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਹੀਂ ਸਗੋਂ ਗੈਰ ਦਲਿਤ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇਸ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਜੇ ਵੀ ਦਲਿਤਾਂ 'ਤੇ ਪੂਰਾ ਭਰੋਸਾ ਨਹੀਂ ਦਿਖਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿਚ ਕਾਂਗਰਸ ਦੇ ਸੀਨੀਅਰ ਨੇਤਾ ਚਰਨਜੀਤ ਸਿੰਘ ਚੰਨੀ (Charanjit Singh Channi) ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ। ਉਨ੍ਹਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਸਹੁੰ ਚੁੱਕੀ ਹੈ। ਰੰਧਾਵਾ ਅਮਰਿੰਦਰ ਸਰਕਾਰ ਵਿਚ ਜੇਲ ਅਤੇ ਸਹਿਕਾਰਤਾ ਮੰਤਰੀ ਸਨ। ਉਹ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਹਨ।
ਚੰਨੀ ਦਲਿਤ ਸਿੱਖ (ਰਾਮਦਾਸੀਆ ਸਿੱਖ) ਭਾਈਚਾਰੇ ਤੋਂ ਆਉਂਦੇ ਹਨ ਅਤੇ ਅਮਰਿੰਦ ਸਰਕਾਰ ਵਿਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਰੂਪਨਗਰ ਜ਼ਿਲੇ ਦੇ ਚਮਕੌਰ ਸਾਹਿਬ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਹਨ। ਉਹ ਇਸ ਖੇਤਰ ਤੋਂ ਸਾਲ 2007 ਵਿਚ ਪਹਿਲੀ ਵਾਰ ਵਿਧਾਇਕ ਬਣੇ ਅਤੇ ਇਸ ਤੋਂ ਬਾਅਦ ਲਗਾਤਾਰ ਜਿੱਤ ਦਰਜ ਕੀਤੀ। ਉਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸ਼ਾਸਨਕਾਲ ਦੌਰਾਨ ਸਾਲ 2015-16 ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ।
ਇਹ ਵੀ ਪੜੋ: ਚਰਨਜੀਤ ਸਿੰਘ ਚੰਨੀ ਨੇ ਸਾਂਭਿਆ ਮੁੱਖ ਮੰਤਰੀ ਦਾ ਅਹੁਦਾ, ਦੇਖੋ ਖ਼ਾਸ ਤਸਵੀਰਾਂ