ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿੱਚ ਲੌਕਡਾਊਨ ਚੱਲ ਰਿਹਾ ਹੈ ਜਿਸ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਤੋਂ ਦੂਰ ਫਸੇ ਹੋਏ ਹਨ। ਪ੍ਰਵਾਸੀ ਮਜ਼ਦੂਰ ਪਿਛਲੇ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਘਰ ਵਾਪਿਸ ਭੇਜਿਆ ਜਾਵੇ। ਇਸ ਵਿਚਕਾਰ ਕਈ ਥਾਵਾਂ ਤੋਂ ਤਾਂ ਅਜਿਹੀਆਂ ਖ਼ਬਰਾਂ ਵੀ ਆ ਰਹੀਆਂ ਸਨ ਕਿ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਤੁਰ ਪਏ ਹਨ। ਇਸ ਤੋਂ ਬਾਅਦ ਸਰਕਾਰ ਨੇ ਮਜ਼ਦੂਰਾਂ ਨੂੰ ਭੇਜਣ ਜਾ ਉਪਰਾਲਾ ਕੀਤਾ ਹੈ ਅਤੇ ਕਈ ਥਾਵਾਂ ਤੋਂ ਰੇਲਾਂ ਰਾਹੀਂ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਚੰਡੀਗੜ੍ਹ ਤੋਂ 2 ਟ੍ਰੇਨਾਂ ਬਿਹਾਰ ਅਤੇ ਯੂਪੀ ਲਈ ਚਲਾਈਆਂ ਗਈਆਂ ਹਨ ਅਤੇ ਉਸ ਵਿੱਚ ਜਾਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀ ਪ੍ਰਸ਼ਾਸਨ ਵੱਲੋਂ ਮੈਡੀਕਲ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਇਹ ਸਕਰੀਨਿੰਗ ਚੰਡੀਗੜ੍ਹ ਦੇ ਸੈਕਟਰ 43 ਦੇ ਬੱਸ ਅੱਡੇ ਵਿਖੇ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ 1877 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 31 ਦੀ ਮੌਤ
ਉੱਥੇ ਹੀ ਸਕਰੀਨਿੰਗ ਕਰ ਰਹੇ ਡਾਕਟਰ ਨੇ ਦੱਸਿਆ ਕਿ ਉਹ ਇਨ੍ਹਾਂ ਦਾ ਟੈਂਪਰੇਚਰ ਚੈੱਕ ਕਰ ਰਹੇ ਹਨ ਅਤੇ ਨਾਲ ਹੀ ਇਨ੍ਹਾਂ ਦੀ ਹਿਸਟਰੀ ਵੀ ਪੁੱਛ ਰਹੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਇਹ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਤਾਂ ਨਹੀਂ ਆਏ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਖੰਘ ਜਾਂ ਕੋਈ ਹੋਰ ਲੱਛਣ ਲਗਦੇ ਹਨ ਤਾਂ ਉਸ ਨੂੰ ਹਸਪਤਾਲ ਵਿੱਚ ਭੇਜਿਆ ਜਾਂਦਾ ਹੈ।