ਚੰਡੀਗੜ੍ਹ: ਸੈਕਟਰ ਉਣਤਾਲੀ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਵਿੱਚ ਰਾਜਪੁਰਾ ਤੋਂ ਕਈ ਭਾਜਪਾ ਦੇ ਸਾਬਕਾ ਕੌਂਸਲਰ ਅਤੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਦੌਰਾਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਟਵਿਟਰ ਵਾਰ ਵੀ ਚੱਲ ਰਹੀ ਹੈ। ਜਿਸ 'ਤੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਮੋਗਾ ਰੈਲੀ ਨੂੰ ਲੈ ਕੇ ਵੀ ਡੀ.ਸੀ ਨਾਲ ਕਈ ਵਾਰ ਉਨ੍ਹਾਂ ਦਾ ਝਗੜਾ ਹੋਇਆ ਅਤੇ ਕਈ ਅੜਿੱਕੇ ਕਾਂਗਰਸ ਨੇ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਹਾਲ ਹੀ ਦੇ ਵਿੱਚ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਗੋ ਬੈਕ ਦੇ ਪੋਸਟਰ ਲਗਾਏ ਗਏ, ਜਦ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਧੀ, ਝੂਠੇ ਵਾਅਦੇ ਲੋਕਾਂ ਨਾਲ ਮੁੱਖ ਮੰਤਰੀ ਨੇ ਕੀਤੇ ਤੇ ਇਸ ਦੌਰਾਨ ਮੀਤ ਹੇਅਰ ਨੇ ਇਹ ਵੀ ਕਿਹਾ ਕਿ ਜਿਸ ਬੰਦੇ ਦੀ ਕੋਈ ਅਹਿਮੀਅਤ ਹੁੰਦੀ ਹੈ ਖ਼ੌਫ਼ ਵੀ ਉਸੇ ਤੋਂ ਜ਼ਿਆਦਾ ਹੁੰਦਾ ਹੈ।
ਇਸ ਦੌਰਾਨ ਮੀਤ ਹੇਅਰ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਵੀ ਦਿੱਲੀ ਦਾ ਮਾਡਲ ਪੰਜਾਬ ਵਿੱਚ ਚਾਹੁੰਦੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਰਵਿੰਦ ਕੇਜਰੀਵਾਲ ਦੇ ਖੌਫ ਤੋਂ ਡਰ ਰਹੇ ਹਨ। ਇਸੀ ਕਾਰਨ ਗੋ ਬੈਕ ਦੇ ਨਾਅਰੇ ਲਗਵਾਏ ਜਾ ਰਹੇ ਹਨ ਤੇ ਹੁਣ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਥਾਂ ਨਹੀਂ ਦਿੱਤੀ ਗਈ। ਇਸ ਦੌਰਾਨ ਮੀਤ ਹੇਅਰ ਨੇ ਮੁੱਖ ਮੰਤਰੀ ਵਲੋਂ ਕੇਜਰੀਵਾਲ ਨੂੰ ਲੰਚ ਕਰਵਾਉਣ ਵਾਲੇ ਟਵੀਟ ਤੇ ਪਲਟਵਾਰ ਕਰਦਿਆਂ ਇਹ ਵੀ ਕਿਹਾ ਕਿ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਚਲਾਉਣ ਵਾਲੇ ਲੋਕਾਂ ਨਾਲ ਅਰਵਿੰਦ ਕੇਜਰੀਵਾਲ ਲੰਚ ਨਹੀਂ ਕਰਦੇ।
ਇਸ ਦੌਰਾਨ ਮੀਤ ਹੇਅਰ ਨੇ ਬਿਜਲੀ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਪਿਛਲੀ ਸਰਕਾਰਾਂ ਵੱਲੋਂ ਨਿੱਜੀ ਕੰਪਨੀਆਂ ਨਾਲ ਮਿਲ ਕੇ ਸੂਬੇ ਦੇ ਲੋਕਾਂ ਨੂੰ ਲੁੱਟਿਆ ਗਿਆ ਤਾਂ ਹੁਣ ਕਾਂਗਰਸ ਸਰਕਾਰ ਨੇ ਵੀ ਪਿਛਲੇ ਸਾਢੇ ਚਾਰ ਸਾਲ ਵਿੱਚ ਅਠਾਰਾਂ ਵਾਰ ਬਿਜਲੀ ਮਹਿੰਗੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਵੱਲੋਂ ਸਾਰਿਆਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿੱਜੀ ਕੰਪਨੀਆਂ ਨਾਲ ਸਮਝੌਤੇ ਸਿਰਫ ਅਰਵਿੰਦ ਕੇਜਰੀਵਾਲ ਹੀ ਖ਼ਤਮ ਕਰ ਸਕਦੇ ਹਨ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼: ਸਿੱਧੂ ਦੀ ਹਾਈ ਕਮਾਨ ਅੱਗੇ ਮੁੜ ਪੇਸ਼ੀ