ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂਆਂ ਦੀ ਮੰਗਲਵਾਰ ਮੁੱਖ ਮੰਤਰੀ ਵੱਲੋਂ ਬਣਾਈ ਤਾਲਮੇਲ ਕਮੇਟੀ ਦੇ ਮੈਂਬਰ ਸੁਖਜਿੰਦਰ ਰੰਧਾਵਾ ਨਾਲ ਪੰਜਾਬ ਭਵਨ ਵਿਖੇ ਬੈਠਕ ਹੋਈ। ਬੈਠਕ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਸੈਕਸ਼ਨ 11 ਮੁਤਾਬਿਕ ਵਿਧਾਨ ਸਭਾ 'ਚ ਪਾਸ ਕੀਤੇ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਸਿਰਫ਼ ਸੋਧ ਕਰ ਸਕਦੇ ਹਾਂ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੀਆਂ ਮੰਗਾਂ ਬਾਬਤ 23 ਤਾਰੀਖ ਨੂੰ ਮੁੱਖ ਮੰਤਰੀ ਨਾਲ ਦੁਪਹਿਰ 2:30 ਵਜੇ ਪੰਜਾਬ ਭਵਨ ਵਿਖੇ ਜਥੇਬੰਦੀ ਦੀ ਦੁਬਾਰਾ ਬੈਠਕ ਹੋਵੇਗੀ, ਜਦਕਿ ਕੇਂਦਰ ਸਰਕਾਰ ਵਿਰੁੱਧ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ। ਰੇਲਵੇ ਟਰੈਕ ਤੋਂ ਧਰਨਾ ਚੁੱਕਣ ਸਬੰਧੀ 5 ਤਾਰੀਖ ਨੂੰ ਯੂਨੀਅਨ ਨਾਲ ਬੈਠਕ ਕੀਤੀ ਜਾਵੇਗੀ।
ਕਿਸਾਨ ਆਗੂ ਨੇ ਦੱਸਿਆ ਕਿ ਇਸਦੇ ਨਾਲ ਹੀ 2013 ਤੋਂ ਹੁਣ ਤੱਕ ਕਿਸਾਨਾਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜਾਬ ਪੁਲਿਸ ਤੇ RPF ਦੇ ਕੇਸ ਖਤਮ ਕਰਨ ਸਬੰਧੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਮਜ਼ਦੂਰਾਂ ਦੇ 31/03/2016 ਤੱਕ ਦੇ 137 ਕਰੋੜ ਰੁਪਏ ਮੁਆਫ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਗੰਨੇ ਦੀ ਪੈਮੈਂਟ ਅਤੇ ਸ਼ੂਗਰ ਮਿੱਲ ਚਲਾਉਣ 'ਤੇ ਵੀ ਸਹਿਮਤੀ ਬਣ ਗਈ ਹੈ।
ਉਧਰ, ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਐਡਵੋਕੇਟ ਜਨਰਲ ਨਾਲ ਵੱਖ ਵੱਖ ਪਹਿਲੂਆਂ 'ਤੇ ਮੀਟਿੰਗ ਕੀਤੀ ਗਈ ਹੈ। ਇਸਤੋਂ ਇਲਾਵਾ ਕਿਸਾਨਾਂ ਨੇ ਪਿਛਲੀ ਸਰਕਾਰ ਸਮੇਂ ਦੀਆਂ ਕੁੱਝ ਮੰਗਾਂ ਅਤੇ 2013 ਦੇ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਬਾਰੇ ਗੱਲਬਾਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਵਾ ਕੇ ਮੀਟਿੰਗ ਦਾ ਸਮਾਂ ਦੀਵਾਲੀ ਤੋਂ ਬਾਅਦ ਨਿਰਧਾਰਤ ਕੀਤਾ ਗਿਆ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਧਰਨਾ ਦੇਣ ਦੀ ਅਪੀਲ ਕੀਤੀ ਗਈ ਹੈ।