ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅੱਜ ਨਵੀਂ ਦਿੱਲੀ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਬੈਠਕ ਕਰ ਰਹੇ ਹਨ। ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਬੈਠਕ 'ਚ ਹਿੱਸਾ ਨਹੀਂ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ 30 ਕਿਸਾਨ ਜਥੇਬੰਦੀਆਂ ਨੇ ਬੈਠਕ ਕਰ ਕੇਂਦਰੀ ਮੰਤਰੀਆਂ ਦੀ ਬੈਠਕ 'ਚ ਸ਼ਾਮਲ ਹੋਣ ਦੇ ਸੱਦੇ ਨੂੰ ਸਵੀਕਾਰ ਕੀਤਾ ਸੀ।
ਇਸ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ 26 ਅਤੇ 27 ਨਵੰਬਰ ਨੂੰ ਉਹ ਦਿੱਲੀ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੀਆਂ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਗਿਆ ਤਾਂ ਉਹ ਜਿੱਥੇ ਰੋਕਿਆ ਜਾਵੇਗਾ ਉੱਥੇ ਹੀ ਧਰਨਾ ਲਾ ਦੇਣਗੇ।