ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਅਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ ਉੱਤੇ ਨਹੀਂ ਪਹੁੰਚੀ।
ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਤੇ ਕ੍ਰਾਂਤੀਕਾਰੀ ਦੱਸ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਿਉਂ ਨਹੀਂ ਕਰ ਰਹੇ?
ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਅਤੇ ਕਿਸਾਨ ਦੋਵੇਂ ਹੀ ਖ਼ਤਰੇ ਵਿਚ ਹਨ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ। ਉਨ੍ਹਾਂ ਕਿਹਾ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਅੱਜ ਪੰਜਾਬ ਸਮੇਤ ਦੇਸ਼ ਦੇ ਲੱਖਾਂ ਕਿਸਾਨ ਠੰਢੀਆਂ ਰਾਤਾਂ ਵਿਚ ਦਿੱਲੀ-ਹਰਿਆਣਾ ਦੀਆਂ ਸਰਹੱਦਾਂ ਉੱਤੇ ਅੰਦੋਲਨ ਕਰਨ ਲਈ ਮਜਬੂਰ ਹਨ।
ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਸ਼ਾਮਲ ਨਾ ਹੋਣ ਉੱਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਮੋਦੀ ਸਰਕਾਰ ਦਾ ਹੰਕਾਰੀ ਹੋਣਾ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਹੈਦਰਾਬਾਦ ਵਿੱਚ ਨਗਰ ਨਿਗਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਤਾਂ ਜਾ ਸਕਦੇ ਹਨ, ਪਰ ਰਾਜਧਾਨੀ ਦੇ ਦਰ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਅੰਨਦਾਤੇ ਕੋਲ ਜਾਣਾ ਤਾਂ ਦੂਰ ਦੀ ਗਲ ਉਨ੍ਹਾਂ ਨਾਲ ਨਿਰਧਾਰਿਤ ਸਮੇਂ ਮੀਟਿੰਗ ਵਿਚ ਵੀ ਹਿੱਸਾ ਨਹੀਂ ਲਿਆ। ਇਸ ਤਰ੍ਹਾਂ ਕੇਂਦਰ ਸਰਕਾਰ ਦੇ ਖੇਤੀ ਤੇ ਕਿਸਾਨ ਵਿਰੋਧੀ ਮਨਸੂਬਿਆਂ ਅਤੇ ਗੈਰ ਜ਼ਿੰਮੇਵਾਰ ਰਵੱਈਆ ਸਾਹਮਣੇ ਆਉਂਦਾ ਹੈ।