ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਵੱਡੀ ਹਾਰ ਨੂੰ ਲੈ ਕੇ ਅੱਜ ਤੋਂ ਚੰਡੀਗੜ੍ਹ 'ਚ ਕਾਂਗਰਸ ਦਾ ਮੰਥਨ ਸ਼ੁਰੂ ਹੋ ਗਿਆ ਹੈ। ਪਹਿਲੇ ਗੇੜ ਵਿੱਚ ਪੰਜਾਬ ਦੇ ਮਾਲਵਾ ਖੇਤਰ ਤੋਂ ਕਾਂਗਰਸੀ ਉਮੀਦਵਾਰਾਂ ਨੂੰ ਆਪਣੀ ਰਾਏ ਦੇਣ ਲਈ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ।
ਦੱਸ ਦਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਸਿਰਫ਼ 18 ਸੀਟਾਂ ਹੀ ਜਿੱਤ ਸਕੀ। ਕਾਂਗਰਸ ਦੇ ਬਹੁਤੇ ਆਗੂ ਚੋਣ ਹਾਰ ਗਏ। ਕਾਂਗਰਸ ਦੇ ਦੋ ਸੀਟਾਂ ਤੋਂ ਚੋਣ ਲੜ ਰਹੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ, ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਅੰਮ੍ਰਿਤਸਰ ਤੋਂ ਹਾਰ ਗਏ ਸੀ।
ਅੱਜ ਦੀ ਸਮੀਖਿਆ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਵੀ ਆਏ ਅਤੇ ਕੁਝ ਸਮੇਂ ਬਾਅਦ ਵਾਪਸ ਚਲੇ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੈਚ ਇੰਚਾਰਜ ਹਰੀਸ਼ ਰਾਵਤ ਚੌਧਰੀ ਨੇ ਪੰਜਾਬ ਕਾਂਗਰਸ ਭਵਨ ਦੇ ਵੱਖ-ਵੱਖ ਕਮਰਿਆਂ ਵਿੱਚ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ।
ਖਾਸ ਗੱਲ ਇਹ ਹੈ ਕਿ ਜ਼ਿਆਦਾਤਰ ਉਮੀਦਵਾਰਾਂ ਨੇ ਕਾਂਗਰਸ ਦੀ ਬੁਰੀ ਹਾਰ ਦਾ ਕਾਰਨ ਪਾਰਟੀ ਦੇ ਉੱਚ ਆਗੂਆਂ ਵਿਚਾਲੇ ਤਾਲਮੇਲ ਦੀ ਘਾਟ ਨੂੰ ਦੱਸਿਆ ਹੈ। ਕੁਝ ਅਜਿਹੇ ਉਮੀਦਵਾਰ ਵੀ ਹਨ ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਰਟੀ ਨੂੰ ਖੇਰੂੰ-ਖੇਰੂੰ ਕਰਨ ਦੇ ਖੁੱਲ੍ਹੇਆਮ ਇਲਜ਼ਾਮ ਵੀ ਲਾ ਰਹੇ ਹਨ। ਜਿਨ੍ਹਾਂ 'ਚ ਮੋਹਾਲੀ ਤੋਂ ਵਿਧਾਨ ਸਭਾ ਚੋਣ ਹਾਰਨ ਵਾਲੇ ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਨੂੰ ਵੱਡਾ ਨੁਕਸਾਨ ਝੱਲਣਾ ਪਿਆ।
ਉੱਥੇ ਹੀ ਬਾਘਾਪੁਰਾਣਾ ਤੋਂ ਵਿਧਾਇਕ ਰਹੇ ਅਤੇ ਇਸ ਵਾਰ ਚੋਣ ਹਾਰ ਚੁੱਕੇ ਦਰਸ਼ਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਹਿੰਦੂਵਾਦ ਨੂੰ ਲੈ ਕੇ ਕਾਂਗਰਸ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਕਾਰਨ ਸਮੁੱਚੇ ਮਾਲਵਾ ਖੇਤਰ ਦੇ ਹਿੰਦੂਆਂ ਨੇ ਕਾਂਗਰਸ ਤੋਂ ਦੂਰੀ ਬਣਾ ਲਈ ਹੈ ਜਿਸ ਦਾ ਕਾਂਗਰਸ ਨੂੰ ਨੁਕਸਾਨ ਝੱਲਣਾ ਪਿਆ।
ਸਾਬਕਾ ਮੰਤਰੀ ਅਤੇ ਉਮੀਦਵਾਰ ਕਾਕਾ ਰਣਵੀਰ ਸਿੰਘ ਨਾਭਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਕਾਂਗਰਸ ਦਾ ਗਲਤ ਫੈਸਲਾ ਸੀ, ਉਹ ਵੀ ਅਜਿਹੇ ਹਾਲਾਤ ਵਿੱਚ ਜਦੋਂ ਈਡੀ ਨੇ ਉਨ੍ਹਾਂ ਦੇ ਭਰਾ ਦੇ ਘਰੋਂ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਵਿੱਚ ਤਾਲਮੇਲ ਦੀ ਘਾਟ ਨੇ ਪੰਜਾਬ ਦੇ ਵੋਟਰਾਂ ਨੂੰ ਇੱਕ ਸੁਨੇਹਾ ਦਿੱਤਾ ਹੈ ਅਤੇ ਕਾਂਗਰਸ ਵੋਟਰਾਂ ਦਾ ਭਰੋਸਾ ਜਿੱਤਣ ਵਿੱਚ ਅਸਫਲ ਰਹੀ ਹੈ।
ਇਸ ਵਿਚਾਰ ਚਰਚਾ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਲਵੇ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਦੇ ਉਮੀਦਵਾਰਾਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਿਪੋਰਟ ਤਿਆਰ ਕਰਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਜਾਵੇਗੀ।
ਇਹ ਵੀ ਪੜੋ: ਮਹਿਲਾ ਸਪੀਕਰ ਬਣਾ ਕੇ ਇੱਕ ਹੋਰ ਇਤਿਹਾਸ ਰਚੇਗੀ ਆਪ !