ਚੰਡੀਗੜ੍ਹ: ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੈਪਟਨ ਸਰਕਾਰ 'ਤੇ ਲਾਏ ਮਨਰੇਗਾ ਸਕੀਮ ਤਹਿਤ 1000 ਕਰੋੜ ਦੇ ਘੁਟਾਲੇ ਦੇ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਗੱਲ ਤੋਂ ਚੰਗੀ ਤਰਾਂ ਜਾਣੂੰ ਹੋ ਚੁੱਕੇ ਹਨ ਕਿ ਸੱਤਾ ਤੋਂ ਬਾਹਰ ਹੁੰਦੇ ਹੀ ਅਕਾਲੀ ਆਪਣੀ ਗੁਆਚੀ ਸਿਆਸੀ ਸਾਖ ਬਹਾਲ ਕਰਨ ਲਈ ਤਰਲੋ ਮੱਛੀ ਹੋ ਜਾਂਦੇ ਹਨ ਅਤੇ ਅਜਿਹੇ ਹੋਛੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੰਦੇ ਹਨ, ਪਰ ਸੱਤਾ ਵਿੱਚ ਆਉਦਿਆਂ ਹੀ ਇਨਾਂ ਨੂੰ ਆਪਣੇ ਸਾਰੇ ਮੁੱਦੇ ਭੁੱਲ ਜਾਂਦੇ ਹਨ।
ਰੰਧਾਵਾ ਨੇ ਕਿਹਾ ਕਿ ਇਨਾਂ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਹੀ ਇਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਦਾ ਵੀ ਰੁਤਬਾ ਨਹੀਂ ਮਿਲਿਆ ਅਤੇ ਅਕਾਲੀ ਦਲ 14 ਸੀਟਾਂ ਨਾਲ ਤੀਜੇ ਸਥਾਨ ’ਤੇ ਸੁੰਗੜ ਗਿਆ ਜੋ ਕਿ ਇਨ੍ਹਾਂ ਦੇ ਸਿਆਸੀ ਖ਼ਾਤਮੇ ਦਾ ਸੂਚਕ ਹੈ।
ਉਨ੍ਹਾਂ ਮਨਰੇਗਾ ਦੇ 1000 ਕਰੋੜ ਦਾ ਪੂਰਾ ਵੇਰਵਾ ਦਿੰਦਿਆਂ ਕਿਹਾ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਸਾਜੋ-ਸਮਾਨ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਸਾਜੋ ਸਮਾਨ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ।
ਰੰਧਾਵਾ ਨੇ ਕਿਹਾ ਕਿ ਸੁਖਬੀਰ ਆਪਣੀਆਂ ਸਿਆਸੀ ਇੱਛਾਵਾਂ ਖਾਤਰ ਗਰੀਬ ਲੋਕਾਂ ਦੀ ਰੋਜ਼ੀ ਰੋਟੀ ਉਤੇ ਲੱਤ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿੱਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿਚ ਲੌਕਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ। ਕਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿੱਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰਕੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਆਪਣੇ ਤੱਥ ਰਹਿਤ ਬਿਆਨਾਂ ਨਾਲ ਇਸ ਸਕੀਮ ਨੂੰ ਬੰਦ ਕਰਵਾਉਣ ਉੱਤੇ ਉਤਾਰੂ ਹਨ। ਇਸ ਸਕੀਮ ਤਹਿਤ ਕੰਮ ਕਰ ਰਹੇ ਕੁੱਲ ਵਰਕਰਾਂ ਵਿੱਚ 68 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੁਲ ਵਰਕਰਾਂ ਵਿਚੋਂ 58 ਫੀਸਦੀ ਔਰਤਾਂ ਹਨ।