ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਘਿਰਾਓ ਦੀ ਹਿਮਾਇਤ ਕੀਤੀ ਹੈ। ਫ਼ੈਡਰੇਸ਼ਨ ਦੇ ਆਗੂਆਂ ਨੇ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਲਈ ਹਰਿਆਣਾ ਸਰਕਾਰ ਦੀ ਬਾਰਡਰ ਸੀਲ ਕਰਨ ਵਾਲੀ ਐਮਰਜੈਂਸੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡੈਮੋਕਰੈਸੀ ਹੈ ਨਾ ਕਿ ਡਾਗੋਕਰੈਸੀ।
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਕਿਸਾਨਾਂ ਦੀ ਇਸ ਮੁਹਿੰਮ ਸਫ਼ਲ ਬਣਾਉਣ ਲਈ ਸਾਥ ਦੇਣ ਦਾ ਐਲਾਨ ਕੀਤਾ ਹੈ। ਪੀਰ ਮੁਹੰਮਦ ਨੇ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਜਗਰੂਪ ਸਿੰਘ ਚੀਮਾ ਸਮੇਤ ਸਾਰੇ ਅਹੁਦੇਦਾਰਾਂਸ, ਜ਼ਿਲ੍ਹਾ ਪ੍ਰਧਾਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਕਿਸਾਨਾਂ ਦਾ ਪੂਰਾ ਸਾਥ ਦੇਣ ਅਤੇ ਉਨ੍ਹਾਂ ਨੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਦਿੱਲੀ ਵੱਲ ਵਹੀਰਾਂ ਘੱਤ ਕੇ ਜਾਣ ਦੀ ਅਪੀਲ ਵੀ ਕੀਤੀ ਹੈ।
ਇਸ ਸਬੰਧ ਵਿੱਚ ਜਗਰੂਪ ਸਿੰਘ ਚੀਮਾ ਦਾ ਕਹਿਣਾ ਹੈ ਕਿ ਫ਼ੈਡਰੇਸ਼ਨ ਪਿਛਲੇ ਸਮੇਂ ਤੋ ਹੀ ਸਿੱਖਾਂ ਲਈ ਵੱਧ ਅਧਿਕਾਰਾਂ ਅਤੇ ਫੈਡਰਲ ਢਾਂਚੇ ਦੀ ਲੜਾਈ ਲੜ ਰਹੀ ਹੈ ਅਤੇ ਅੱਗੇ ਵੀ ਇਸੇ ਤਰਾਂ ਜਾਰੀ ਰੱਖੇਗੀ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਫੈਡਰੇਸ਼ਨ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੀ ਰਹੇਗੀ।