ਚੰਡੀਗੜ੍ਹ:ਲਾਲ ਕਿਲ੍ਹੇ 'ਤੇ ਹੋਈ ਘਟਨਾ ਤੋਂ ਬਾਅਦ ਤਕਰੀਬਨ 100 ਤੋਂ ਵੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਗੁੰਮਸ਼ੁਦਾ ਹਨ ਜਿਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵਾਲੇ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਖੇ ਤਕਰੀਬਨ 12 ਲੋਕ ਗੁੰਮਸ਼ੁਦਾ ਹਨ।
ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਜਾਣਕਾਰੀ ਦਿੱਤੀ ਕਿ ਗੁੰਮਸ਼ੁਦਾ ਕਿਸਾਨਾਂ ਦੀ ਸੂਚੀ ਉਨ੍ਹਾਂ ਨੂੰ ਲਗਾਤਾਰ ਮਿਲ ਰਹੀ ਹੈ, ਜਿਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ।
ਮਜੀਠੀਆ ਨੇ ਕੀਤਾ ਮਦਦ ਦਾ ਐਲਾਨ
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਹੜੇ ਲੋਕ ਲਾਪਤਾ ਹਨ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ।
ਸਿਰਸਾ ਨੇ ਦਿੱਤੀ ਜਾਣਕਾਰੀ
ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸਵੇਰੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਬਣਾਈ ਸੀ। ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਗੁੰਮਸ਼ੁਦਾ ਹੋਏ ਮੋਗਾ ਦੇ 11 ਨੌਜਵਾਨਾਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਮੈਂ ਦਿੱਲੀ ਦੇ ਜੁਆਇੰਟ ਪੁਲਿਸ ਕਮਿਸ਼ਨਰ ਨਾਲ ਗੱਲ ਕਰਕੇ ਜਾਣਕਾਰੀ ਹਾਸਲ ਕੀਤੀ ਹੈ। ਇਨ੍ਹਾਂ ਨੌਜਵਾਨਾਂ ਨੂੰ ਨਾਗਪੁਰ ਪੁਲਿਸ ਸਟੇਸ਼ਨ ਤੋਂ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਜਾਣਕਾਰੀ ਇਹ ਵੀ ਮਿਲੀ ਹੈ ਕਿ ਦਿੱਲੀ ਪੁਲਿਸ ਨੇ 18 ਕਿਸਾਨਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ ਪਰ ਬਾਕੀ ਕਿਸਾਨ ਕਿੱਥੇ ਹਨ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਪਾਈ।
ਸਮਾਜ ਸੇਵੀ ਨੇ ਕਿਹਾ- 400 ਤੋਂ ਵੱਧ ਨੌਜਵਾਨਾਂ ਉੱਤੇ ਮਾਮਲਾ ਦਰਜ
ਸਮਾਜ ਸੇਵੀ ਸਰਬਜੀਤ ਸਿੰਘ ਵੇਰਕਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 400 ਤੋਂ ਵੱਧ ਨੌਜਵਾਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਜੇ ਤੱਕ ਕੋਰਟ ਵਿੱਚ ਵੀ ਪੇਸ਼ ਨਹੀਂ ਕੀਤਾ ਗਿਆ। ਉੱਥੇ ਹੀ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਕੁਝ ਵਕੀਲਾਂ ਨਾਲ ਸਲਾਹ ਕਰਨ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਇਨ੍ਹਾਂ ਦੀ ਰਿਹਾਈ ਲਈ ਕੋਸ਼ਿਸ਼ ਕੀਤੀ ਜਾਵੇਗੀ।