ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਐਸ.ਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ ਰਾਸ਼ੀ) ਵਿੱਚ ਕਰੋੜਾਂ ਰੁਪਇਆਂ ਦਾ ਘੁਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ।
ਇਹ ਵੀ ਪੜੋ: BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ
ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਦੇ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਕਾਰਵਾਈ ਕੇਵਲ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਯਤਨ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ‘‘ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵਾਂਗ ਹੀ ਚੰਨੀ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਬਚਾਅ ਕਰ ਰਹੀ ਹੈ।
ਕਾਂਗਰਸ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਅਲੀ ਬਾਬਾ ਨੂੰ ਤਾਂ ਜ਼ਰੂਰ ਬਦਲਿਆ ਗਿਆ ਹੈ, ਪਰ ਕਾਂਗਰਸ ਸਰਕਾਰ ਦੀ ਘੁਟਾਲੇਬਾਜ਼ਾਂ ਨੂੰ ਬਚਾਉਣ ਦੀ ਨੀਅਤ ਅਤੇ ਨੀਤੀ ਵਿੱਚ ਕੋਈ ਪਰਿਵਰਤਨ ਨਹੀਂ ਹੋਇਆ ਹੈ।’’
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ ਨਵੇਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਵਜ਼ੀਫ਼ਾ ਘੁਟਾਲਾ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਮੰਤਰੀ ਵੀ ਸੱਚੀ ਕਾਰਵਾਈ ਕਰਨ ਤੋਂ ਪਿੱਛੇ ਹੱਟ ਗਏ ਹਨ।
ਸਗੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦਾ ਡਰਾਮਾ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲੱਗੇ ਹੋਏ ਹਨ।
ਚੀਮਾ ਨੇ ਦੱਸਿਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਵਿਭਾਗ ਚਲਾ ਰਹੇ ਸਨ, ਤਾਂ ਉਸ ਸਮੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕਰੋੜਾਂ ਰੁਪਇਆਂ ਜਾਅਲੀ ਕਾਲਜਾਂ ਦੇ ਖਾਤਿਆਂ ਵਿੱਚ ਪਾ ਕੇ ਐਸ.ਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਕਰੀਬ 2 ਲੱਖ ਤੋਂ ਜ਼ਿਆਦਾ ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਦੂਰ ਹੋਣਾ ਪਿਆ ਸੀ।
ਉਨ੍ਹਾਂ ਕਿਹਾ ਕਿ ਉਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਵਜ਼ੀਫ਼ਾ ਫੰਡਾਂ ਵਿੱਚ ਹੇਰਾਫੇਰੀਆਂ ਹੋਣ ਦੀ ਰਿਪੋਰਟ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਆਪਣੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਇਸ ਮਾਮਲੇ ਲਈ ਜ਼ਿੰਮੇਵਾਰ ਉਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਵਜ਼ੀਫ਼ਾ ਘੁਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦੀ ਆ ਰਹੀ ਹੈ ਅਤੇ ਇਸ ਦੇ ਲਈ ਸੜਕ ਤੋਂ ਵਿਧਾਨ ਸਭਾ ਤੱਕ ਪਾਰਟੀ ਵਰਕਰਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਦਿਖਾਵੇ ਦੇ ਨਾਂ ’ਤੇ ਕੁੱਝ ਕੁ ਅਧਿਕਾਰੀਆਂ ਖ਼ਿਲਾਫ਼ ਤਾਂ ਕਾਰਵਾਈ ਕਰ ਰਹੀ ਹੈ, ਪਰ ਵਿਭਾਗ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਚੀਮਾ ਨੇ ਚੰਨੀ ਸਰਕਾਰ ਤੋਂ ਪੁੱਛਿਆ ਕਿ ਪੰਜਾਬ ਦੇ ਲੱਖਾਂ ਐਸ.ਸੀ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਜ਼ਿੰਮੇਵਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੀ ਅਤੇ ਕਦੋਂ ਕਾਰਵਾਈ ਕੀਤੀ ਜਾਵੇਗੀ?