ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੱਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ।
ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇੰਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।
ਇਹ ਵੀ ਪੜ੍ਹੋ: 2022 Assembly Election: ਟਿਕਟਾਂ ਨੂੰ ਲੈ ਕੇ ਆਪਸ ’ਚ ਭਿੜੇ ਸਿੱਧੂ, ਚੰਨੀ ਅਤੇ ਜਾਖੜ