ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ 24 ਅਗਸਤ ਨੂੰ ਮੁਹਾਲੀ ਵਿੱਚ ਆਮਦ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਲਗਭਗ ਮੁਕੰਮਲ (Preparations almost complete) ਕਰ ਲਈਆਂ ਹਨ। ਇਨ੍ਹਾਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸ਼ਨੀਵਾਰ ਨੂੰ ਉੱਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਫਿਲਹਾਲ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਇਲਾਕੇ ਵਿੱਚ ਸੱਤ ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।
ਤਿੰਨ ਤੋਂ ਪੰਜ ਲੇਅਰ ਦੀ ਸੁਰੱਖਿਆ: ਇਹ ਸੁਰੱਖਿਆ ਪ੍ਰਣਾਲੀ ਤਿੰਨ ਤੋਂ ਪੰਜ ਲੇਅਰਾਂ ਦੀ ਹੋਵੇਗੀ। ਇਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨਾਂ ਇਜਾਜ਼ਤ ਦੇ ਦਾਖ਼ਲ ਹੋਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਧਾਰਾ 144 ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਚੋਣਾਂ ਤੋਂ ਪਹਿਲਾਂ ਹੋਈ ਸੁਰੱਖਿਆ 'ਚ ਕੁਤਾਹੀ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਵਿੱਚ ਭਾਰੀ ਕੁਤਾਹੀ ਵਰਤੀ ਗਈ ਸੀ। ਇਸ ਕਾਰਨ ਪ੍ਰਧਾਨ ਮੰਤਰੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ। ਹੁਣ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਸੁਖਾਵੇਂ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ।
ਡੀਜੀਪੀ ਪੰਜਾਬ ਦਾ ਬਿਆਨ: ਮੁਹਾਲੀ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਬਾਰੇ ਪੁੱਛੇ ਜਾਣ ’ਤੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਫਿਲਹਾਲ ਪੁਲਿਸ ਨੂੰ ਉਨ੍ਹਾਂ ਵੱਲੋਂ ਕਿਸੇ ਵੀ ਜਨਤਕ ਮੀਟਿੰਗ ਦੇ ਆਯੋਜਨ ਬਾਰੇ ਕੋਈ ਸੂਚਨਾ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ: ਕੈਥਲ ਵਿੱਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਫੌਜੀ ਦੀ ਮੌਤ