ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਹਿਰਾਸਤੀ ਤਸ਼ੱਦਦ ਦੇ ਮਾਮਲੇ ਵਿੱਚ ਮੋਹਾਲੀ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ 'ਚ ਸੁਣਵਾਈ ਹੋਈ। ਬਲਵੰਤ ਮੁਲਤਾਨੀ ਦੇ ਭਰਾ ਪਲਵਿੰਦਰ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖ਼ਿਲਾਫ਼ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਤਬਦੀਲ ਕਰਨ ਦੀ ਅਪੀਲ ਕੀਤੀ ਸੀ। ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ ਸੁਣਵਾਈ ਵਿੱਚ ਸੁਮੇਧ ਸੈਣੀ ਧਿਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੂਨ ਨੂੰ ਰੱਖੀ ਹੈ।
ਸੈਣੀ ਧਿਰ ਨੇ ਅਦਾਲਤ ਵਿੱਚ ਕੇਸ ਨੂੰ ਤਬਦੀਲ ਕਰਨ ਦਾ ਵਿਰੋਧ ਕੀਤਾ ਅਤੇ ਸਰਵ ਉੱਚ ਅਦਾਲਤ ਦੇ ਇੱਕ ਫੈਸਲੇ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸਰਵ ਉੱਚ ਅਦਾਲਤ ਦੇ ਫ਼ੈਸਲੇ ਅਨੁਸਾਰ ਜਦੋਂ ਕੋਈ ਕੇਸ ਇੱਕ ਅਦਾਲਤ ਵਿੱਚ ਲੱਗ ਜਾਂਦਾ ਹੈ ਤਾਂ ਉਸ ਨੂੰ ਤਬਦੀਲ ਨਹੀਂ ਕੀਤਾ ਜਾ ਸਕਦਾ।
ਤੁਹਾਨੂੰ ਦੱਸ ਦਈਏ ਕਿ ਜੱਜ ਮੋਨਿਕਾ ਗੋਇਲ ਨੇ ਪੰਜਾਬ ਪੁਲਿਸ ਦਾ ਪੱਖ ਸੁਣੇ ਬਿਨਾਂ ਹੀ ਸੁਮੇਧ ਸੈਣੀ ਨੂੰ ਅੰਤਿਰਮ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਪੀੜਤ ਧਿਰ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿੱਚ ਅਰਜ਼ੀ ਲਾ ਕੇ ਕੇਸ ਨੂੰ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ।