ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਸੂਬੇ 'ਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ 10 ਅਪ੍ਰੈਲ ਤੱਕ ਆਮ ਲੋਕਾਂ ਲਈ ਅਜਾਇਬ ਘਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ, ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ 10 ਅਪ੍ਰੈਲ ਤੱਕ ਅਜਾਇਬ ਘਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇਗਾ। ਇਸ ਦੌਰਾਨ ਇਥੇ ਜਨਤਕ ਪ੍ਰਵੇਸ਼ ਉੱਤੇ ਸਖ਼ਤ ਪਾਬੰਦੀ ਹੋਵੇਗੀ।
ਇਸ ਮੌਕੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੇ ਸਮਾਗਮਾਂ 'ਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਗਈ ਹੈ, ਕਿ ਉਹ ਵੱਡੀ ਗਿਣਤੀ 'ਚ ਇੱਕ ਥਾਂ ਇਕੱਤਰ ਨਾ ਹੋਣ। ਸ਼ਰਧਾਲੂ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਹਰ ਸਮੇਂ ਮਾਸਕ ਲਗਾ ਕੇ ਰੱਖਣ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ।