ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਗੰਨਾ ਕਿਸਾਨਾਂ ਲਗਾਤਾਰ ਚੌਥੇ ਦਿਨ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੰਨਾ ਕਿਸਾਨਾਂ ਦੇ ਹੱਕ ਨਿਤਰੇ ਹਨ। ਉਨ੍ਹਾਂ ਨੇ ਇਸ ਸਬੰਧ ’ਚ ਟਵੀਟ ਕੀਤਾ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਹੱਕ ’ਚ ਟਵੀਟ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ। ਸਿੱਧੂ ਨੇ ਇਹ ਵੀ ਕਿਹਾ ਕਿ ਪੰਜਾਬ ਚ ਖੇਤੀ ਦੀ ਲਾਗਤ ਜ਼ਿਆਦਾ ਹੋਣ ਦੇ ਬਾਵਜੂਦ ਵੀ ਸੂਬੇ ਦਾ ਸੁਨਿਸ਼ਚਿਤ ਮੁੱਲ ਹਰਿਆਣਾ, ਯੂਪੀ ਅਤੇ ਉੱਤਰਾਖੰਡ ਦੇ ਮੁਕਾਬਲੇ ਬਹੁਤ ਘੱਟ ਹੈ।
ਭਲਕੇ ਪੂਰੇ ਪੰਜਾਬ ’ਚ ਚੱਕਾ ਜਾਮ
ਸੂਬੇ ’ਚ ਗੰਨਾ ਕਿਸਾਨਾਂ ਵੱਲੋਂ ਗੰਨੇ ਦੀਆਂ ਕੀਮਤਾਂ ਅਤੇ ਬਕਾਇਆ ਰਾਸ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸ਼ਾਮ ਤੱਕ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਕੋਈ ਐਲਾਨ ਨਾ ਕੀਤਾ ਗਿਆ ਤਾਂ ਕੱਲ੍ਹ ਤੋਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰ ਦਿੱਤਾ ਜਾਏਗਾ।
ਇਹ ਵੀ ਪੜੋ: ਸਰਕਾਰ ਨੂੰ ਚਿਤਾਵਨੀ, ਭਲਕੇ ਪੰਜਾਬ ਬੰਦ ਕਰਨਗੇ ਕਿਸਾਨ !
ਕਾਬਿਲੇਗੌਰ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਹਿਲਾਂ ਹੀ ਕਿਸਾਨ ਦਿੱਲੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਹੁਣ ਗੰਨਾਂ ਕਿਸਾਨਾਂ ਵੱਲੋ ਸੂਬੇ ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।