ਚੰਡੀਗੜ੍ਹ: ਮੱਧ ਪ੍ਰਦੇਸ਼ ਦੀ ਸਿਆਸਤ ਦੇ ਵਿੱਚ ਮਚੀ ਖਲਬਲੀ ਤੋਂ ਬਾਅਦ ਆਖਿਰਕਾਰ ਜਯੋਤੀਰਾਦਿੱਤਿਆ ਸਿੰਧੀਆ ਕਾਂਗਰਸ ਦਾ ਪੱਲਾ ਛੱਡ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰੇ ਦੇ ਵਿੱਚ ਵੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਚੀਮਾ ਨੇ ਜਯੋਤੀਰਾਦਿੱਤਿਆ ਸਿੰਧੀਆ ਦੇ ਵੱਲੋਂ ਕਾਂਗਰਸ ਛੱਡਣ 'ਤੇ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਤੋਂ ਲੈ ਕੇ ਜਯੋਤੀਰਾਦਿੱਤਿਆ ਸਿੰਧੀਆ ਨੂੰ ਵੀ ਕਾਂਗਰਸ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਇਸ ਤਰ੍ਹਾਂ ਕਾਂਗਰਸ ਛੱਡਣਾ ਬਹੁਤ ਹੀ ਨਿੰਦਣਯੋਗ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਥੋੜ੍ਹੇ ਜਿਹੇ ਲਾਲਚ ਦੇ ਚੱਕਰ ਦੇ ਵਿੱਚ ਜਯੋਤੀਰਾਦਿੱਤਿਆ ਸਿੰਧੀਆ ਨੇ ਆਪਣਾ ਭਵਿੱਖ ਖ਼ਰਾਬ ਕਰ ਲਿਆ ਹੈ ਤੇ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਨੂੰ ਇਹ ਭੁਗਤਣਾ ਪਵੇਗਾ।
ਇਹੀ ਵੀ ਪੜੋ: ਸਿੰਧੀਆ ਨੇ ਅਮਿਤ ਸ਼ਾਹ ਤੇ ਰਾਜਨਾਥ ਨਾਲ ਕੀਤੀ ਮੁਲਾਕਾਤ
ਦੱਸ ਦੇਈਏ ਕਿ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋਏ ਜਯੋਤੀਰਾਦਿੱਤਿਆ ਸਿੰਧੀਆ ਨੂੰ ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਆਪਣਾ ਰਾਜ ਸਭਾ ਦਾ ਉਮੀਦਵਾਰ ਨਾਜਜ਼ਦ ਕਰ ਦਿੱਤਾ ਹੈ।