ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਨਾਈਟ ਕਰਫਿਊ ਲਗਾਇਆ ਗਿਆ ਹੈ। ਇਸ ਦੇ ਚਲਦੇ ਅੱਜ ਮੋਹਾਲੀ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਵੀ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਰੋਨਾ ਵਾਇਰਸ ਨੇ 1309 ਕੇਸ ਸਾਹਮਣੇ ਆਏ ਹਨ। ਜਦੋਂ ਕਿ 18 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਫਿਲਹਾਲ ਅਜੇ ਪੰਜਾਬ 'ਚ ਲੌਕਡਾਊਨ ਲਾਉਣ ਦੀ ਲੋੜ ਨਹੀਂ ਹੈ ਜਲਦ ਹੀ ਇਨ੍ਹਾਂ ਹਲਾਤਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਮੌਜੂਦਾ ਸਮੇਂ ਵਿੱਚ ਪੰਜਾਬ ਦੇ ਹੁਸ਼ਿਆਰਪੁਰ, ਜਲੰਧਰ, ਨਵਾਂ ਸ਼ਹਿਰ ਦੇ ਇਲਾਕਿਆਂ 'ਚ ਵੱਡੀ ਗਿਣਤੀ 'ਚ ਐਨਆਰਆਈ ਆ ਰਹੇ ਹਨ ਤੇ ਇਥੇ ਹੀ ਵੱਡੀ ਗਿਣਤੀ 'ਚ ਕੋਰੋਨਾ ਦੇ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰ ਹਲਾਤਾਂ ਦਾ ਜਾਇਜ਼ਾ ਲੈਣਗੇ। ਸਿਹਤ ਵਿਭਾਗ ਵੱਲੋਂ ਲਗਾਤਾਰ ਰੋਜ਼ਾਨਾ ਪੱਧਰ 'ਤੇ 30 ਹਜ਼ਾਰ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ।
ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਬੈਠਕ ਦੌਰਾਨ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਉੱਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਕਿ ਹਲਾਤਾਂ ਮੁਤਾਬਕ ਕਿਹੜੀ ਥਾਵਾਂ 'ਤੇ ਕੀ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਕੋਰੋਨਾ ਕਾਲ 'ਚ ਬਣਾਏ ਗਏ ਕੋਵਿਡ ਸੈਂਟਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਦੇ ਪੁੱਤਰ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ। ਇਸ ਤੋਂ ਪਹਿਲਾ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰਿਆ ਨੇ ਕੋਰੋਨਾ ਪੌਜ਼ੀਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ।