ਚੰਡੀਗੜ੍ਹ : ਅੱਜ ਪੰਜਾਬ ਕਾਂਗਰਸ ਵੱਲੋਂ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ।
ਇਸ ਧਰਨੇ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ,ਚੇਅਰਮੈਨ ਲਾਲ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਕਾਂਗਰੀਸ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਅੱਜ ਪਾਰਟੀ ਵੱਲੋਂ ਕਿਸਾਨਾਂ ਦੇ ਸਮਰਥਨ 'ਚ ਇਹ ਧਰਨਾ ਲਾਇਆ ਗਿਆ ਹੈ। ਮੋਦੀ ਸਰਕਾਰ ਕਿਸਾਨਾਂ 'ਤੇ ਜਬਰਨ ਇਹ ਖੇਤੀ ਕਾਨੂੰਨ ਥੋਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ 'ਚ ਕਿਸਾਨ ਅੰਦੋਲਨ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਾ ਮੰਨ ਕੇ ਆਪਣੀ ਜ਼ਿਦ 'ਤੇ ਅੜੀ ਹੋਈ ਹੈ। ਜਦੋਂ ਕਿ ਲੋਕਤੰਤਰ 'ਚ ਜ਼ਿਦ ਨਹੀਂ ਚਲਦੀ ਸਗੋਂ ਜਨਤਾ ਦੇ ਹਿੱਤ ਲਈ ਕੀਤੇ ਗਏ ਫੈਸਲੇ ਚਲਦੇ ਹਨ।
ਹਰੀਸ਼ ਰਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤੁਰੰਤ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੰਨਦਾਤਾ ਨੂੰ ਖਾਲਿਸਤਾਨੀ ਕਹਿ ਕੇ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗਿਹਲੀਆਂ ਕਰਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਜਨਤਾ ਸਣੇ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ। ਇਸ ਲਈ ਹੁਣ ਇਹ ਪੀਐਮ ਮੋਦੀ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਹ ਜਲਦੀ ਹੀ ਖੇਤੀ ਕਾਨੂੰਨ ਵਾਪਸ ਲੈਣਗੇ ਜਾਂ ਆਪਣੀ ਫਜ਼ੀਹਤ ਕਰਵਾ ਕੇ ਵਾਪਸ ਲੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ 'ਚ ਹੈ ਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਭਾਜਪਾ ਇਸ ਅੰਦੋਲਨ ਨੂੰ ਤੋੜਨ ਲਈ ਭਾਵੇਂ ਲੱਖ ਕੋਸ਼ਿਸ਼ਾਂ ਕਰ ਲਵੇ ਪਰ ਇਹ ਕਿਸਾਨ ਅੰਦੋਲਨ ਹਰ ਹਾਲ 'ਚ ਸਫਲ ਹੋਵੇਗਾ।