ਚੰਡੀਗੜ੍ਹ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸਾਲ 2020 'ਚ ਪੰਜਾਬ 'ਚ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਕੁੱਟਮਾਰ ਦੇ ਮਾਮਲੇ 'ਚ ਅਦਾਲਤ ਨੇ ਵਾਰੰਟ ਜਾਰੀ ਕੀਤਾ ਹੈ।
ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ। ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਦੱਸ ਦੇਈਏ ਕੀ ਪੁਲਿਸ ਨਾਲ ਹੱਥੋਪਾਈ ਦੀ ਇਹ ਘਟਨਾ ਸਾਬਕਾ ਕਾਂਗਰਸ ਸਰਕਾਰ ਵੇਲੇ ਸਾਲ 2020 ਵਿੱਚ ਵਾਪਰੀ ਸੀ। ਉਸ ਸਮੇਂ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।
ਪਹਿਲਾਂ ਮੁੱਖ ਮੰਤਰੀ ਮਾਨ ਵੀ ਹੋ ਚੁੱਕੇ ਪੇਸ਼: ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਸਨ। ਸੀਐਮ ਮਾਨ 10 ਵਜੇ ਹੀ ਜ਼ਿਲ੍ਹਾ ਕਚਹਿਰੀ ਵਿੱਚ ਪੁੱਜੇ ਸਨ। ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਅਤੇ ਸਾਬਕਾ ਵਿਸ਼ੇਸ਼ ਸਰਕਾਰੀ ਵਕੀਲ ਪ੍ਰਥਮ ਸੇਠੀ ਵੀ ਅਦਾਲਤ ਵਿੱਚ ਮੁੱਖ ਮੰਤਰੀ ਦੇ ਨਾਲ ਸਨ। ਅਦਾਲਤ ਨੇ ਮਾਮਲੇ 'ਚ ਰਾਹਤ ਦਿੰਦੇ ਹੋਏ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤੀ ਕਾਰਵਾਈ ਤੋਂ ਬਾਅਦ ਸੀਐਮ ਮਾਨ ਨੂੰ ਮਾਮਲੇ ਨਾਲ ਸਬੰਧਿਤ ਚਾਰਜਸ਼ੀਟ ਦੀ ਕਾਪੀ ਸੌਂਪੀ ਗਈ। ਜਿਸ ਤੋਂ ਬਾਅਦ ਸੀਐਮ ਉੱਥੋਂ ਚਲੇ ਗਏ। ਇਸ ਮਾਮਲੇ ਵਿੱਚ 'ਆਪ' ਦੇ ਕਈ ਉਸ ਸਮੇਂ ਦੇ ਵਿਧਾਇਕ, ਜੋ ਇਸ ਵੇਲੇ ਮੰਤਰੀ ਹਨ, ਮੁਲਜ਼ਮ ਹਨ।
ਇਹ ਵੀ ਪੜ੍ਹੋ: CM ਮਾਨ ਦੀ ਪਤਨੀ ਤੇ ਮਾਂ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ